ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਹਾਈ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਸ ਨੂੰ 25 ਜਨਵਰੀ ਤੱਕ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ। ਅਜਿਹੇ 'ਚ ਹੁਣ ਪੁਲਿਸ ਉਹਨਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ। ਦੱਸਣਯੋਗ ਹੈ ਕਿ ਭਰਤ ਇੰਦਰ ਚਾਹਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਆਗੂਆਂ ਅਤੇ ਉਨ੍ਹਾਂ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਅਗਾਊਂ ਜ਼ਮਾਨਤ:ਚਾਹਲ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦਿੱਤੀ ਜਾਵੇ। ਚਾਹਲ ਨੇ ਦੱਸਿਆ ਕਿ ਉਸ ਵੱਲੋਂ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦ ਅਤੇ ਆਮਦਨ ਦਾ ਪੂਰਾ ਵੇਰਵਾ ਵਿਜੀਲੈਂਸ ਨੂੰ ਦੇ ਦਿੱਤਾ ਗਿਆ ਹੈ, ਇਸ ਦੇ ਬਾਵਜੂਦ ਉਸ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਹਰ ਤਰ੍ਹਾਂ ਜਾਂਚ ਵਿੱਚ ਸਹਿਯੋਗ ਕਰਨ ਨੂੰ ਤਿਆਰ ਹਾਂ। ਦੱਸਣਯੋਗ ਹੈ ਕਿ ਹੁਣ ਹਾਈ ਕੋਰਟ ਨੇ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।