ਚੰਡੀਗੜ੍ਹ ਡੈਸਕ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਤੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਨਹੀਂ ਦਿੱਤਾ ਹੈ। ਇਸ ਬਾਰੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਤੁਹਾਡੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।
ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਵੀ ਇਸਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਨੇ ਇਹੋ ਜਿਹਾ ਕੋਈ ਫੈਸਲਾ ਨਹੀਂ ਕੀਤਾ ਹੈ। ਦੂਜੇ ਪਾਸੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਲਿਆ ਗਿਆ ਫੈਸਲਾ ਹੀ ਸਭ ਤੋਂ ਉੱਪਰ ਹੋਵੇਗਾ।
ਪਹਿਲਾਂ ਆਈ ਸੀ ਅਸਤੀਫ਼ੇ ਦੀ ਖ਼ਬਰ :ਜ਼ਿਕਰਯੋਗ ਹੈ ਕਿ ਪਹਿਲਾਂ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਸੀ ਕਿ ਬੀਜੇਪੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਬੀਜੇਪੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਭਾਜਪਾ ਦਾ ਅਗਲਾ ਪੰਜਾਬ ਪ੍ਰਧਾਨ ਥਾਪਿਆ ਜਾ ਰਿਹਾ ਹੈ। ਹਾਲਾਂਕਿ ਇਸਦੀ ਦਫਤਰੀ ਪੁਸ਼ਟੀ ਹੋਣੀ ਬਾਕੀ ਸੀ। ਫਿਲਹਾਲ ਇਨ੍ਹਾਂ ਖਬਰਾਂ ਵਿਚਾਲੇ ਇਹ ਜਾਣਕਾਰੀ ਹੈ ਕਿ ਅਸ਼ਵਨੀ ਸ਼ਰਮਾ ਵੱਲੋਂ ਕੋਈ ਅਸਤੀਫ਼ਾ ਨਹੀਂ ਦਿੱਤਾ ਗਿਆ ਹੈ।
ਦਰਅਸਲ, ਬੀਜੇਪੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਨੀਲ ਜਾਖੜ ਦੇ ਰੂਪ ਵਿੱਚ ਇਕ ਹੋਰ ਸਿਆਸੀ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ। ਬੀਜੇਪੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਰੂਪ ਵਿੱਚ ਸੁਨੀਲ ਜਾਖੜ ਦਾ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਵਜੋਂ ਚਿਹਰਾ ਵੀ ਕਈ ਇਸ਼ਾਰੇ ਕਰਦਾ ਹੈ। ਕਿਉਂਕਿ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹੋਣ ਕਰਕੇ ਬੀਜੇਪੀ ਨੂੰ 2024 ਦੀਆਂ ਚੋਣਾਂ ਵਿੱਚ ਫਾਇਦਾ ਕਰ ਸਕਦਾ ਹੈ।
ਇਹ ਵੀ ਯਾਦ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨਾਲੋਂ ਬੀਜੇਪੀ ਦੀ ਭਾਈਵਾਲੀ ਟੁੱਟਣ ਤੋਂ ਬਾਅਦ ਬੀਜੇਪੀ ਲਗਾਤਾਰ ਪੰਜਾਬ ਵਿੱਚ ਆਪਣੇ ਪੈਰ ਮਜ਼ਬੂਤ ਕਰਨ ਲਈ ਦਾਅ ਖੇਡ ਰਹੀ ਹੈ। ਖਾਸਕਰਕੇ ਸਿੱਖ ਚਿਹਰਾ ਤੇ ਜਾਂ ਫਿਰ ਸਿੱਖਾਂ ਤੇ ਹਿੰਦੂ ਭਾਈਚਾਰਿਆਂ ਦੇ ਨੇੜਲਾ ਲੱਭਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂ ਕਿ ਪੰਜਾਬ ਵਿੱਚ ਬੀਜੇਪੀ ਨੂੰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਆਪਣੀ ਪਕੜ ਮਜਬੂਤ ਕਰਨ ਲਈ ਇਹ ਸਿਆਸੀ ਦਾਅ ਖੇਡਣਾ ਜਰੂਰੀ ਹੈ।