ਚੰਡੀਗੜ੍ਹ ਡੈਸਕ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਟਵੀਟ ਕਰਦਿਆ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਅੰਮ੍ਰਿਤਸਰ ਵਿੱਚ ਬਰਾਮਦ ਕੀਤੀ 5 ਕਿੱਲੋ ਹੈਰੋਇਨ ਅਤੇ ਮੋਗਾ ਜ਼ਿਲ੍ਹੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਲਏ ਐਕਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਪੁਲਿਸ ਵਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ 'ਚ ਹੈਰੋਇਨ ਬਰਾਮਦ:ਪੰਜਾਬ ਡੀਜੀਪੀ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਇੰਟੈਲੀਜੈਂਸ ਦੀ ਅਗਵਾਈ ਵਾਲੀ ਕਾਰਵਾਈ ਦੌਰਾਨ ਸੀਆਈ ਅੰਮ੍ਰਿਤਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਸਰਹੱਦ ਪਾਰ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਸ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ FIR ਦਰਜ ਕੀਤੀ ਗਈ ਹੈ।
ਮੋਗਾ ਵਿੱਚ ਏਜੀਟੀਐਫ ਦਾ ਐਕਸ਼ਨ:ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਨੇ ਦਿੱਤੀ ਅਤੇ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ।
ਤਿੰਨ ਸ਼ੂਟਰਾਂ ਦੀ ਪਛਾਣ: ਮੋਗਾ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ। ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਅਪਰਾਧ ਵਿੱਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿੱਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿੱਚ ਵੜ ਕੇ ਉਸ ਦਾ ਕਤਲ ਕਰ ਦਿੱਤਾ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।