ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਥਕ ਰਾਜਨੀਤੀ ਦੇ ਧੁਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪੁੱਜੇ। ਪਰ ਪੰਜਾਬ ਦੇ ਮੌਜੂਦਾਂ ਮੁੱਖ ਮੰਤਰੀ ਉਨ੍ਹਾਂ ਦੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਨਹੀਂ ਪਹੁੰਚੇ।
ਅੰਤਿਮ ਵਿਦਾਈ ਦੇਣ ਨਹੀਂ ਪਹੁੰਚੇ ਅਕਾਲੀ ਦਲ ਦਫ਼ਤਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਨਹੀਂ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣਗੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੱਲ੍ਹ ਦੁਪਹਿਰ 1 ਵਜੇ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਭਲਕੇ 11:30 ਵਜੇ ਪਿੰਡ ਬਾਦਲ ਪਹੁੰਚਣਗੇ। ਪਰ ਅੱਜ ਉਹ ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਕੀਤੇ ਵੀ ਦਿਖਾਈ ਨਹੀਂ ਦਿੱਤੇ।
ਇਸ ਕਾਰਨ ਅੱਜ ਨਹੀਂ ਪਹੁੰਚੇ ਅਕਾਲੀ ਦਲ ਦੇ ਦਫ਼ਤਰ:ਜਾਣਕਾਰੀ ਅਨੁਸਾਰ ਭਗਵੰਤ ਮਾਨ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪਾਰਟੀ ਦਫ਼ਤਰ ਜਾਣਾ ਚਾਹੁੰਦੇ ਸਨ। ਪਰ ਉਨ੍ਹਾਂ ਦਾ ਪੁੰਛ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਸੀ। ਦੱਸਿਆ ਜਾ ਰਿਹਾ ਹੈ ਕਿ ਸੀਐਮ ਨਹੀਂ ਚਾਹੁੰਦੇ ਸਨ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਸਮੇਂ ਨੂੰ ਟਾਲਿਆ ਜਾਵੇ। ਜਿਸ ਕਾਰਨ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਆਪਣੀ ਕੈਬਨਿਟ ਦੇ ਦੋ ਮੰਤਰੀਆਂ ਨੂੰ ਪਾਰਟੀ ਦਫ਼ਤਰ ਭੇਜਿਆ। ਜਦਕਿ ਉਹ ਖੁਦ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਲਈ ਹਾਜ਼ਰ ਹੋਣਗੇ। ਜਾਣਕਾਰੀ ਅਨੁਸਾਰ ਇਸ ਕਾਰਨ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਹੈ।