ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ। ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਤਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਬਚਾਉਣ ਵਾਸਤੇ ਸਾਰੀਆਂ ਪਾਰਟੀਆਂ ਨੂੰ ਆਲ ਪਾਰਟੀ ਮੀਟਿੰਗ ਵਿਚ ਸੱਦਣ ਵਿਚ ਨਾਕਾਮ ਰਹੇ। ਹੁਣ ਉਹਨਾਂ ਨੇ ਐਸ ਵਾਈ ਐਲ ਮੁੱਦੇ ਨੂੰ ਦਰਕਿਨਾਰ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਅਖੌਤੀ ਬਹਿਸ ਵਿਚ 19 ਮੁੱਦਿਆਂ ’ਤੇ ਚਰਚਾ ਹੋਵੇਗੀ ਜਿਸਦਾ ਆਯੋਜਨ ਲੁਧਿਆਣਾ ਵਿਚ ਸਰਕਾਰ ਵੱਲੋਂ ਕੀਤਾ ਜਾ ਰਿਹਾ ਜਿਸ ਵਿਚ ਹਰ ਬੁਲਾਰੇ ਨੂੰ ਬੋਲਣ ਵਾਲੇ 30 ਮਿੰਟ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸਦਾ ਅਰਥ ਹੈ ਕਿ ਆਪ ਸਰਕਾਰ ਇਸ ਬੇਹੱਦ ਸੰਵੇਦਨਸ਼ੀਲ ਐਸ ਵਾਈ ਐਲ ਨਹਿਰ ਮਾਮਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਵਾਸਤੇ ਸੰਜੀਦਾ ਨਹੀਂ ਹੈ।
ਕਿਸਾਨ ਜਥੇਬੰਦੀਆਂ ਦੀ ਆਵਾਜਾਈ ਵੀ ਰੋਕ ਦਿੱਤੀ :ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੂੰ ਬਹਿਸ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਗਈ ਹੈ, ਉਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਾਰੇ ਲੁਧਿਆਣਾ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਸ਼ਹਿਰ ਵਿਚ ਹੋ ਰਿਹਾ ਸਾਰਸ ਮੇਲਾ ਵੀ ਬੰਦ ਕਰਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਾਰੇ ਯੂਨੀਅਨ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੀ ਆਵਾਜਾਈ ਵੀ ਰੋਕ ਦਿੱਤੀ ਗਈ ਹੈ ਤਾਂ ਜੋ ਉਹ ਬਹਿਸ ਵਾਲੀ ਥਾਂ ਨਾ ਪਹੁੰਚ ਸਕਣ ਤੇ ਇਹਨਾਂ ਪ੍ਰਬੰਧਾਂ ਨੇ ਲੋਕਾਂ ਨੂੰ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ।