ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖਾਂ ਨੂੰ ਇਕਜੁੱਟ ਹੋਣ ਲਈ ਮੁਸਲਮਾਨਾਂ ਦੀ ਉਦਾਹਰਨ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ 'ਚ ਮੁਸਲਿਮ ਆਬਾਦੀ 18 ਫੀਸਦੀ ਹੈ ਪਰ ਉਹ ਇਕਜੁੱਟ ਨਹੀਂ ਹਨ। ਉਨ੍ਹਾਂ ਕੋਲ ਕੋਈ ਲੀਡਰਸ਼ਿਪ ਨਹੀਂ ਹੈ। ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧੀਨ ਹਨ ਪਰ ਕੁਝ ਤਾਕਤਾਂ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਸ ਲਈ ਉਹ ਕਈ ਹੱਥਕੰਡੇ ਅਪਣਾ ਰਹੀਆਂ ਹਨ ਪਰ ਸਿੱਖਾਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ।
ਭਾਜਪਾ ਆਗੂ ਨੇ ਚੁੱਕੇ ਸਵਾਲ:ਉਥੇ ਹੀ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਸੁਖਬੀਰ ਬਾਦਲ ਦੇ ਇਸ ਬਿਆਨ 'ਤੇ ਵਿਅੰਗ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਅਜਿਹੇ ਬਿਆਨ ਦੇ ਕੇ ਸੱਤਾ 'ਚ ਨਹੀਂ ਆ ਸਕਦੇ। ਭਾਜਪਾ ਤੋਂ ਬਿਨਾਂ ਅਕਾਲੀ ਦਲ ਪੰਜਾਬ ਵਿੱਚ ਕਦੇ ਵੀ ਸਰਕਾਰ ਨਹੀਂ ਬਣਾ ਸਕਦਾ। ਅਜਿਹੇ ਬਿਆਨ ਦੇ ਕੇ ਉਹ ਆਪਣਾ ਅਤੇ ਸਮਾਜ ਦਾ ਨੁਕਸਾਨ ਕਰਨਗੇ। ਗਰੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਧਰਮ ਦੇ ਨਾਂ 'ਤੇ ਸੱਤਾ 'ਚ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਮੋਦੀ ਸਰਕਾਰ ਨੇ ਸਿੱਖਾਂ ਦੇ ਕਈ ਮਸਲੇ ਕੀਤੇ ਹੱਲ: ਇਸ ਦੇ ਨਾਲ ਹੀ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਸਿੱਖਾਂ ਦੇ ਕਈ ਮਸਲੇ ਹੱਲ ਕੀਤੇ ਹਨ। ਸਰਕਾਰ ਨੇ 300 ਨਾਵਾਂ ਦੀ ਕਾਲੀ ਸੂਚੀ ਖ਼ਤਮ ਕਰ ਦਿੱਤੀ ਹੈ, ਜਿਸ ਕਾਰਨ 36 ਸਾਲਾਂ ਤੋਂ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਆਪਣੇ ਵਤਨ ਵਾਪਸ ਨਹੀਂ ਆ ਸਕਦੇ ਸੀ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਕਰਤਾਰਪੁਰ ਲਾਂਘੇ ਅਤੇ 1984 ਦੇ ਸਿੱਖ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਵੀ ਉਨ੍ਹਾਂ ਦੇ ਕਾਰਨ ਹੀ ਸ਼ੁਰੂ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ 'ਚ ਜੁਟੇ ਸੁਖਬੀਰ ਬਾਦਲ: ਇਸ ਦੇ ਨਾਲ ਹੀ ਚਰਚਾਵਾਂ ਨੇ ਕਿ ਸੁਖਬੀਰ ਸਿੰਘ ਬਾਦਲ ਸਿੱਖਾਂ ਦੀ ਏਕਤਾ ਦੇ ਨਾਂ ‘ਤੇ ਸਿਆਸੀ ਤਾਕਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਅਕਾਲੀ ਦਲ ਪੰਜਾਬ ਦੀ ਸਿਆਸਤ 'ਚ ਹਾਸ਼ੀਏ 'ਤੇ ਚਲਾ ਗਿਆ ਹੈ। ਇਸ ਤੋਂ ਬਾਅਦ 2 ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਕਈ ਵੱਡੇ ਲੀਡਰ ਉਨ੍ਹਾਂ ਨੂੰ ਛੱਡ ਕੇ ਚਲੇ ਗਏ। ਇਥੋਂ ਤੱਕ ਕਿ ਉਨ੍ਹਾਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਵੀ ਸਵਾਲ ਖੜ੍ਹੇ ਕੀਤੇ। ਕੁਝ ਦਿਨ ਪਹਿਲਾਂ ਆਪਣੀ ਸਰਕਾਰ ਦੌਰਾਨ ਹੋਈ ਬੇਅਦਬੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਮੰਗਦਿਆਂ ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡ ਚੁੱਕੇ ਸਾਰੇ ਆਗੂਆਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਾਰੇ ਰਾਜਾਂ ਵਿੱਚ ਪਾਰਟੀ ਦੀਆਂ ਇਕਾਈਆਂ ਖੋਲ੍ਹੀਆਂ ਜਾਣਗੀਆਂ, ਲੋਕ ਉਨ੍ਹਾਂ ਨਾਲ ਜੁੜ ਕੇ ਪੰਥਕ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ।