ਚੰਡੀਗੜ੍ਹ: ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ-ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਲਾਏ ਖ਼ੂਨਦਾਨ ਕੈਂਪ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਕੈਂਪ ਲਈ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕਰਦਿਆਂ ਸਿੱਧੂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਅਨਮੋਲ ਜ਼ਿੰਦਗੀਆਂ ਨੂੰ ਲੋੜ ਪੈਣ ’ਤੇ ਖ਼ੂਨ ਦੇ ਕੇ ਬਚਾਇਆ ਜਾ ਸਕੇ। ਉਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਇਸ ਦੇ ਨਾਲ-ਨਾਲ ਨਸ਼ਿਆਂ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ ਤਾਂ ਜੋ ਇਕ ਸਿਹਤਮੰਦ ਅਤੇ ਨਰੋਏ ਸਮਾਜ ਦਾ ਨਿਰਮਾਣ ਹੋ ਸਕੇ।
ਇਸ ਦੌਰਾਨ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਮਗਰੋਂ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜੱਥੇ ਨੇ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬਿਰਤਾਂਤ ਵਿਸਥਾਰ ਸਹਿਤ ਸੁਣਾਇਆ।
ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ, ਭਾਈ ਬੰਤਾ ਸਿੰਘ ਜੀ ਭਾਈ ਬਿਧੀ ਚੰਦ ਸੰਪਰਦਾਇ ਅਤੇ ਹੋਰ ਜਥਿਆਂ ਨੇ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ।
ਇਹ ਵੀ ਪੜੋ: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਨੂੰ ਲੈ ਕੇ ਪਲਟੀ ਕੇਂਦਰ ਸਰਕਾਰ
ਕੈਂਪ ਦੌਰਾਨ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ, ਜਦੋਂ ਕਿ ਖੂਨਦਾਨ ਕੈਂਪ ਸਵੇਰੇ 8:00 ਵਜੇ ਸ਼ੁਰੂ ਹੋਇਆ। ਖ਼ੂਨਦਾਨ ਕੈਂਪ ਵਿੱਚ ਪੀ.ਜੀ.ਆਈ., ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ, ਸਿਵਲ ਹਸਪਤਾਲ ਰੋਪੜ, ਸਿਵਲ ਹਸਪਤਾਲ ਖਰੜ, ਫੋਰਟਿਸ ਅਤੇ ਮੈਕਸ ਹਸਪਤਾਲ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਖ਼ੂਨ ਇਕੱਤਰ ਕੀਤਾ। ਇਨਾਂ ਸਾਰੀਆਂ ਬਲੱਡ ਬੈਂਕਾਂ ਦੀਆਂ ਟੀਮਾਂ ਨੇ ਕੁੱਲ ਤਕਰੀਬਨ 1100 ਯੂਨਿਟ ਖੂਨ ਇਕੱਤਰ ਕੀਤਾ। ਪ੍ਰਬੰਧਕਾਂ ਨੇ ਸਾਰੇ ਖੂਨਦਾਨੀਆਂ ਲਈ ਦੁੱਧ, ਜੂਸ, ਪਿੰਨੀਆਂ ਅਤੇ ਕਈ ਤਰ੍ਹਾਂ ਦੇ ਫਲਾਂ ਦਾ ਖਾਸ ਪ੍ਰਬੰਧ ਕੀਤਾ ਸੀ। ਇਸ ਦੌਰਾਨ ਸਾਰੇ ਖੂਨਦਾਨੀਆਂ ਨੂੰ ਹਰ ਵਾਰ ਦੀ ਤਰਾਂ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨ ਕੀਤਾ ਗਿਆ।