ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਚੱਲ ਰਿਹਾ ਹੈ, ਜਿਸ ਵਿੱਚ ਪੰਜਾਬ ਵਿੱਚ ਵੱਧ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫ਼ਿਲਮ ਨੂੰ ਪੰਜਾਬ ਵਿੱਚ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, ਅਸੀਂ ਇਸ ਸਬੰਧ ਵਿੱਚ ਸੈਂਸਰ ਬੋਰਡ ਕੋਲ ਪਹੁੰਚ ਕਰਾਂਗੇ।
ਕੈਪਟਨ ਵੱਲੋਂ ਇਹ ਬਿਆਨ ਬਜਟ ਇਜਲਾਸ ਦੇ ਤੀਜੇ ਦਿਨ ਸਫ਼ਲ ਕਾਲ ਦੌਰਾਨ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਹਾਲ ਹੀ ਵਿੱਚ ਬੈਨ ਕੀਤੀ 'ਸ਼ੂਟਰ' ਵਰਗੀਆਂ ਹੋਰ ਫ਼ਿਲਮਾਂ ਦੀ ਰਿਲੀਜ਼ ਨੂੰ ਲੈ ਕੇ ਚੁੱਕੇ ਸਵਾਲ 'ਤੇ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਕਾਇਮ ਕੀਤੀ ਗਈ ਹੈ, ਜਿਸ ਵਿੱਚ ਵਿਘਨ ਪਾਉਣ ਦੀ ਬਿਲਕੁਲ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੀਆਂ ਫ਼ਿਲਮਾਂ ਬਾਰੇ ਸੈਂਸਰ ਬੋਰਡ ਨੂੰ ਪੱਤਰ ਲਿਖੇਗੀ, ਕਿਉਂਕਿ ਇਹ ਮਾਮਲਾ ਬੋਰਡ ਦੇ ਅਧਿਕਾਰ ਖੇਤਰ ਹੇਠਾਂ ਆਉਂਦਾ ਹੈ।
ਦੱਸਣਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਬਦਨਾਮ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਤੇ ਜੁਰਮਾਂ ਦੇ ਆਧਾਰ 'ਤੇ ਬਣੀ 'ਸ਼ੂਟਰ' ਫ਼ਿਲਮ 'ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਸਨ।
ਉੱਥੇ ਹੀ ਸਦਨ ਵਿੱਚ ਜਦ ਅਕਾਲੀ ਦਲ ਦੇ ਸਥਾਨਕ ਨੇਤਾ ਇਕਬਾਲ ਸਿੰਘ ਮੱਲਾ ਦੀਆਂ ਦੇਸ਼-ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਬਾਰੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਵਾਲ ਚੁੱਕਿਆ ਗਿਆ ਤਾਂ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਪਿੰਕੀ ਨੇ ਦੋਸ਼ ਲਾਏ ਕਿ ਮੱਲਾ ਦੇ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੈਂਬਰ ਹੈਪੀ ਪੀਐਚਡੀ ਜੋ ਹਾਲ ਹੀ ਵਿੱਚ ਪਾਕਿਸਤਾਨ 'ਚ ਮਾਰਿਆ ਗਿਆ, ਨਾਲ ਸਬੰਧ ਸਨ।