ਚੰਡੀਗੜ੍ਹ:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਨੂੂੰ ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੰਜਾਬ ਵਿੱਚ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫਡਿੰਗ ਦੀ ਮੰਗ:-ਇਸ ਦੌਰਾਨ ਹੀ ਪੰਜਾਬ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦੀ ਮੰਗ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ ਦੇਣ ਦੀ ਮੰਗ 'ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।
ਪੰਜਾਬ ਸਰਕਾਰ ਪਰਾਲੀ ਦੇ ਨਿਪਟਾਰੇ ਲਈ ਠੋਸ ਕਦਮ ਚੁੱਕ ਰਹੀ:-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਰਾਜ ਕੁਮਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ।