ਫਾਜ਼ਿਲਕਾ:ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ ਦੀਆਂ ਮੁਸ਼ਕਿਲਾਂ (Difficulties of Gardeners) ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸਰਕਾਰ ਕਿੰਨੂ ਬਾਗ਼ਬਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿੰਨੂ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੌਕੇ 'ਤੇ ਹੀ ਹਦਾਇਤ ਕੀਤੀ ਕਿ ਮੰਡੀ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਅਤੇ ਜੇਕਰ ਮੰਡੀ ਵਿੱਚ ਕੋਈ ਪੂਲ ਕਰਕੇ ਕਿਸਾਨਾਂ ਨੂੰ ਉਚਿਤ ਕੀਮਤ ਮਿਲਣ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕਿੰਨੂ ਮੰਡੀ ਵਿੱਚ ਆਉਣ ਵਾਲੇ ਹਰੇਕ ਕਿਸਾਨ ਨੂੰ ਫ਼ਸਲ ਵਿਕਰੀ ਤੋਂ ਬਾਅਦ ਜੇ-ਫਾਰਮ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ:ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਬਾਗ਼ਵਾਨਾਂ ਨੂੰ ਅਪੀਲ (Appeal to gardeners of the district) ਕੀਤੀ ਕਿ ਉਹ ਸਮੂਹਾਂ ਵਿੱਚ ਬਾਗ਼ਬਾਨੀ ਕਰਨ ਅਤੇ ਆਪਣੇ ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਲਈ ਸਾਂਝੇ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਸਬਸਿਡੀ ਦੇਣ ਤੋਂ ਇਲਾਵਾ ਹੋਰ ਹਰ ਪ੍ਰਕਾਰ ਦੀ ਸੰਭਵ ਮਦਦ ਕੀਤੀ ਜਾਵੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਬਾਗ਼ਬਾਨੀ ਲਈ ਨਹਿਰੀ ਪਾਣੀ ਬਹੁਤ ਜ਼ਰੂਰੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿੰਨੂ ਬਾਗ਼ਬਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਅਨੁਸਾਰ ਪੂਰਾ ਪਾਣੀ ਨਹਿਰਾਂ ਦੀਆਂ ਟੇਲਾਂ ਤੱਕ ਪਹੁੰਚੇ। ਉਨਾਂ ਕਿਸਾਨਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਪ੍ਰਣਾਲੀ (Drip irrigation system) ਨੂੰ ਅਪਣਾਉਣ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤ ਬਚ ਸਕਣ।