ਚੰਡੀਗੜ੍ਹ: ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਐਸਸੀਐਸਟੀ ਕਮਿਸ਼ਨ ਦੇ ਤਹਿਤ 8 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨ ਆਏ ਕੈਪਟਨ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ ਨੂੰ ਪੀੜਤ ਪਰਿਵਾਰ ਨੇ ਨਿਰਾਸ਼ ਕਰ ਖ਼ਾਲੀ ਹੱਥ ਮੋੜ ਦਿੱਤਾ ਅਤੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਸਾਫ਼ ਮਨ੍ਹਾਂ ਕਰ ਦਿੱਤਾ। ਕੈਪਟਨ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ ਪਰਿਵਾਰ ਨੂੰ ਮਿਲਣ ਦੇ ਲਈ ਪੀਜੀਆਈ ਵਿਖੇ ਪੁੱਜੇ ਸਨ।
ਹੋਰ ਪੜ੍ਹੋ: ਜਸਟਿਸ ਬੌਬਡੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ
ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਸਮੇਤ ਕਈ ਸੰਸਥਾਵਾਂ ਤੇ ਕਈ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਕਈ ਸਿਆਸੀ ਆਗੂ ਵੀ ਆ ਕੇ ਆਪਣਾ ਸਮਰਥਨ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ 37 ਸਾਲਾ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਉਸੀ ਦੇ ਪਿੰਡ ਦੇ 4 ਵਿਅਕਤੀਆਂ ਵੱਲੋਂ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ।ਪੁਲਿਸ ਨੇ ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਖਿਲਾਫ ਮਾਮਲਾ ਦਰਜ ਕਰ ਕਾਬੂ ਕਰ ਲਿਆ ਹੈ।