ਚੰਡੀਗੜ੍ਹ-ਪੰਜਾਬ ਦੀ ਕੈਬਨਿਟ ਮੰਤਰੀ ਮੰਡਲ ਵਿੱਚ ਇੱਕ ਵਾਰ ਫਿਰ ਤੋਂ ਫੇਰਬਦਲ ਹੋਣ ਜਾ ਰਿਹਾ ਹੈ। ਇਸੇ ਦੌਰਾਨ ਹੀ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਅਸਤੀਫ਼ਾ ਭੇਜ ਦਿੱਤਾ ਹੈ।
ਇਹਨਾਂ ਮੰਤਰੀਆਂ ਨੂੰ ਮਿਲ ਸਕਦੀ ਹੈ ਥਾਂ:- ਇਸੇ ਫੇਰਬਦਲ ਦਾ ਪ੍ਰਗਟਾਵਾ ਕਰਦਿਆਂ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਨਿੱਜੀ ਆਧਾਰ 'ਤੇ ਅਸਤੀਫ਼ਾ ਦੇਣ ਵਾਲੇ ਡਾ: ਨਿੱਝਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਨ ਲਈ ਨਾਵਾਂ ਦਾ ਪ੍ਰਸਤਾਵ ਵੀ ਰੱਖਿਆ ਹੈ। ਉਨ੍ਹਾਂ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਸੀ।
ਡਾ ਇੰਦਰਬੀਰ ਨਿੱਜਰ ਇਸ ਦਿਨ ਬਣੇ ਸਨ ਕੈਬਨਿਟ ਮੰਤਰੀ:-ਜਾਣਕਾਰੀ ਅਨੁਸਾਰ ਦੱਸ ਦਈਏ ਕਿ 7 ਜੁਲਾਈ 2022 ਨੂੰ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ, ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜਾ ਮਾਜਰਾ, ਹਲਕਾ ਸੁਨਾਮ ਤੋਂ ਅਮਨ ਅਰੋੜਾ, ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਤੇ ਗੁਰੂ ਹਰਸਹਾਏ ਤੋਂ ਫੌਜਾ ਸਿੰਘ ਸਰਾਰੀ ਨੂੰ ਪੰਜਾਬ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਡਾ ਇੰਦਰਬੀਰ ਨਿੱਜਰ ਕੌਣ ਹਨ ?ਜਾਣਕਾਰੀ ਅਨੁਸਾਰ ਦੱਸ ਦਈਏ ਕਿ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਤੋਂ ਹਨ। ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀਨਗਰ ਤੋਂ ਐੱਮਬੀਬੀਐੱਸ ਕੀਤੀ, ਜਿਸ ਤੋਂ ਬਾਅਦ ਉਹਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਐੱਮਡੀ ਕੀਤੀ ਤੇ ਰੇਡਿਓਲੋਜਿਸਟ ਹਨ। ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅੰਮ੍ਰਿਤਸਰ ਵਿੱਚ ਇੱਕ ਡਾਇਗਨਾਸਟਿਕ ਸੈਂਟਰ ਚਲਾਉਂਦੇ ਸਨ।
ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਲਈ ਚੋਣ ਮੈਦਾਨ ਵਿੱਚ ਉੱਤਰੇ ਸਨ, ਪਰ ਉਹਨਾਂ ਨੂੰ ਹਾਰ ਦਾ ਮੂੰਹ ਦੇਖ ਪਿਆ ਸੀ। ਜਿਸ ਤੋਂ ਬਾਅਦ ਡਾ. ਇੰਦਰਬੀਰ ਸਿੰਘ ਨਿੱਜਰ ਫਿਰ ਤੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਅੰਮ੍ਰਿਤਸਰ ਦੱਖਣੀ ਤੋਂ ਚੋਣ ਮੈਦਾਨ ਵਿੱਚ ਉੱਤਰੇ ਤੇ ਜਿੱਤ ਪ੍ਰਾਪਤ ਕੀਤੀ ਸੀ।