ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਕਈ ਮਜ਼ਦੂਰਾਂ ਦੇ ਕੰਮ ਠੱਪ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਦੇ ਘਰ ਚੁੱਲ੍ਹਾ ਵੀ ਨਹੀਂ ਬੱਲ਼ਦਾ। ਹਾਲਾਂਕਿ, ਸਰਕਾਰ ਵਲੋਂ ਉਨ੍ਹਾਂ ਨੂੰ ਖਾਣ-ਪੀਣ ਲਈ ਰਪਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਸੂਬੇ ਦੇ 1 ਲੱਖ, 36 ਹਜ਼ਾਰ ਕਾਮਿਆਂ ਦੀ 7 ਅਪ੍ਰੈਲ ਤੱਕ ਬਣਦੀ ਸਾਰੀ ਤਮਖ਼ਾਹ ਦੀ 92 ਕਰੋੜ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ। ਇਸ ਸੰਕਟ ਦੇ ਦੌਰ ਵਿੱਚ ਉਨ੍ਹਾਂ ਨੂੰ ਆਪਣਾ ਘਰ ਚਲਾਉਣ ਵਿੱਚ ਮਦਦ ਮਿਲ ਸਕੇ।
'ਨਰੇਗਾ ਕਾਮਿਆਂ ਨੂੰ ਹੁਣ ਸਮੇਂ ਸਿਰ ਮਿਲੇਗੀ ਤਨਖ਼ਾਹ'
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਪਿਛਲੇ ਦਿਨੀਂ ਕੀਤੇ ਯਤਨਾਂ ਸਦਕਾ ਕੇਂਦਰ ਸਰਕਾਰ ਕੋਲੋਂ ਇਸ ਸਕੀਮ ਤਹਿਤ 226 ਕਰੋੜ ਰੁਪਏ ਹਾਸਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਨੂੰ ਹਾਸਲ ਕਰਨ ਨਾਲ ਵਿਭਾਗ ਪਿਛਲੀਆਂ ਅਦਾਇਗੀਆਂ ਕਰਨ ਦੇ ਨਾਲ ਨਾਲ ਆਉਣ ਵਾਲੇ ਚਾਰ ਮਹੀਨਿਆਂ ਵਿਚ ਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਕਾਮਿਆਂ ਨੂੰ ਉਨ੍ਹਾਂ ਦੀ ਤਨਖ਼ਾਹ ਸਮੇਂ ਸਿਰ ਕਰਨ ਦੇ ਸਮਰੱਥ ਹੋ ਗਿਆ ਹੈ।