ਪੰਜਾਬ

punjab

ETV Bharat / state

ਨਵਾਂ ਰਿਕਾਰਡ: ਮੰਤਰੀ ਜਿੰਪਾ ਦਾ ਬਿਆਨ, ਪੰਜਾਬ 'ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ - ਬ੍ਰਮ ਸ਼ੰਕਰ ਜਿੰਪਾ

Punjab Revenue Department: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਕਹਿਣਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੰਬਿਤ ਪਏ ਇੰਤਕਾਲਾਂ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸੀ।

Punjab Revenue Department
Punjab Revenue Department

By ETV Bharat Punjabi Team

Published : Jan 6, 2024, 10:24 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ। ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ: ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ।

ਸਰਕਾਰ ਵਲੋਂ ਜਾਰੀ ਹੈਲਪਲਾਈਨ ਨੰਬਰ:ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਕੰਮਕਾਜ ਦੀ ਸਮੀਖਿਆ:ਜ਼ਿਕਯੋਗ ਹੈ ਕਿ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਖੱਜਲ ਖ਼ੁਆਰੀ ਰਹਿਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੋਹਰਾਈ ਸੀ।

ਰਿਸ਼ਵਤ ਮੰਗਣ 'ਤੇ ਕਰਨ ਸ਼ਿਕਾਇਤ: ਉਨ੍ਹਾਂ ਅਪੀਲ ਕੀਤੀ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਕਿਸ ਜ਼ਿਲ੍ਹੇ ਚ ਕਿੰਨੇ ਇੰਤਕਾਲ ਦਰਜ ਹੋਏ:ਇਸ ਸਬੰਧੀ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਦੂਜੇ ਸਥਾਨ ਉੱਤੇ ਰਿਹਾ ਜਿੱਥੇ 2806 ਇੰਤਕਾਲ ਹੋਏ। ਇਸੇ ਤਰ੍ਹਾਂ ਪਟਿਆਲਾ ਵਿੱਚ 1818, ਹੁਸ਼ਿਆਰਪੁਰ 'ਚ 2686, ਕਪੂਰਥਲਾ 'ਚ 883, ਫ਼ਤਹਿਗੜ੍ਹ ਸਾਹਿਬ 'ਚ 667, ਤਰਨ ਤਾਰਨ 'ਚ 693, ਬਠਿੰਡਾ 'ਚ 543, ਫਰੀਦਕੋਟ 'ਚ 525, ਫਿਰੋਜ਼ਪੁਰ ਵਿੱਚ 971, ਮੋਗਾ ਵਿੱਚ 838, ਜਲੰਧਰ ਵਿੱਚ 1718 ਅਤੇ ਮਾਨਸਾ ਵਿੱਚ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਅੰਮ੍ਰਿਤਸਰ ਜ਼ਿਲ੍ਹੇ ਵਿੱਚ 1324, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 537, ਸ੍ਰੀ ਮੁਕਤਸਰ ਸਾਹਿਬ ਵਿੱਚ 768, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1943, ਪਠਾਨਕੋਟ 'ਚ 814, ਬਰਨਾਲਾ ਵਿੱਚ 567, ਰੂਪਨਗਰ ਵਿੱਚ 1326, ਮਲੇਰਕੋਟਲਾ ਵਿੱਚ 713, ਸੰਗਰੂਰ ਵਿੱਚ 1093 ਅਤੇ ਫਾਜ਼ਲਕਾ ਵਿੱਚ 894 ਇੰਤਕਾਲ ਦਰਜ ਕੀਤੇ ਗਏ ਹਨ।

ABOUT THE AUTHOR

...view details