ਚੰਡੀਗੜ੍ਹ: ਬਠਿੰਡਾ ਵਿਖੇ ਨਵਾਂ ਸਥਾਪਿਤ ਏਮਜ਼ ਆਉਂਦੇ ਦੋ ਹਫਤਿਆਂ ਦੇ ਅੰਦਰ ਪ੍ਰਤੀ ਦਿਨ 180 ਕੋਵਿਡ ਟੈਸਟਿੰਗ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ ਜੋ ਕਿ ਇੱਕ ਮਹੀਨੇ ਦੇ ਅੰਦਰ ਪ੍ਰਤੀ ਦਿਨ 500 ਟੈਸਟ ਤੱਕ ਵਧਾਈ ਜਾਵੇਗੀ। ਹਸਪਤਾਲ ਵਿੱਚ ਅਗਲੇ ਇੱਕ ਮਹੀਨੇ ਦੇ ਅੰਦਰ 30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ ਹੀ ਸ਼ੁਰੂ ਹੋਵੇਗੀ। ਹਸਪਤਾਲ ਵਿੱਚ ਮੌਜੂਦਾ ਸਮੇਂ ਮਰੀਜ਼ਾਂ ਲਈ ਓ.ਪੀ.ਡੀ. ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਕੈਂਸਰ ਦੇ ਮਰੀਜ਼ਾਂ ਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਤੇ ਸੀ.ਈ.ਓ. ਦਿਨੇਸ਼ ਕੁਮਾਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਸਬੰਧੀ ਹਸਪਤਾਲ ਦੀਆਂ ਤਿਆਰੀਆਂ ਅਤੇ ਹੋਰ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਉਪਰੰਤ ਇਹ ਖੁਲਾਸਾ ਕੀਤਾ ਗਿਆ ਹੈ।
ਇਸ ਹਸਪਤਾਲ ਨੂੰ ਪੰਜਾਬ ਦੀ ਬਹੁਤ ਹੀ ਮਹੱਤਵਪੂਰਨ ਸਿਹਤ ਸੰਸਥਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਏਮਜ਼ ਵੱਡੀ ਗਿਣਤੀ ਵਿੱਚ ਮਾਲਵਾ ਬੈਲਟ ਦੇ ਮਰੀਜ਼ਾਂ ਲਈ ਫਾਇਦੇਮੰਦ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਏਮਜ਼ ਟੀਮ ਨੂੰ ਸੂਬਾ ਸਰਕਾਰ ਵੱਲੋਂ ਕੋਵਿਡ ਸੰਭਾਲ ਸਬੰਧੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਜਿੱਥੇ ਕਿ ਮਹਾਂਮਾਰੀ ਕਾਰਨ ਉਸਾਰੀ ਅਤੇ ਹੋਰ ਕੰਮਾਂ ਵਿੱਚ ਦੇਰੀ ਹੋ ਗਈ ਹੈ।