ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ।
ਅਸ਼ਵਨੀ ਸ਼ਰਮਾ ਦੀ ਬੇਤੁਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖਿਲਾਫ਼ ਨਿਰਆਧਾਰ ਦੋਸ਼ ਲਾਉਣ ’ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਦਾ ਹੋਏ ਰੋਸ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ।