ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਬੇਬੁਨਿਆਦ ਦੋਸ਼ ਲਾਉਣ ’ਤੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹੇ ਦੋਸ਼ ਲਾਉਣ ਨਾਲ ਅਕਾਲੀ-ਭਾਜਪਾ ਗਠਜੋੜ ਦੀ ਪਿਛਲੀ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਰਹਿਣ ਕਾਰਨ ਉਨ੍ਹਾਂ ਦੀ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਅਕਾਲੀਆਂ ਦੇ ਦੋਸ਼ਾਂ ਨੂੰ ਤੱਥਾਂ ਤੇ ਅੰਕੜਿਆਂ ਦਾ ਹਵਾਲਾ ਦੇ ਕੇ ਨਕਾਰਦਿਆਂ ਹੋਇਆ ਮੁੱਖ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਆਪਣੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੀ ਇਕ ਵੀ ਪ੍ਰਾਪਤੀ ਦੱਸਣ ਲਈ ਵੰਗਾਰਿਆ।
ਅਕਾਲੀਆਂ ਵੱਲੋਂ ਕੋਰੇ ਝੂਠ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਕੋਝੇ ਯਤਨ ਕਰਨ ’ਤੇ ਫਿਟਕਾਰ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਤਾਂ ਉਨ੍ਹਾਂ ਦੇ ਪਿਛਲੇ ਸ਼ਾਸਨਕਾਲ ਦੌਰਾਨ ਵਿਕਾਸ ਦੀਆਂ ਪਾਈਆਂ ਪੈੜਾਂ ਨੂੰ ਵੀ ਮਲੀਆਮੇਟ ਕਰਕੇ ਰੱਖ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਉਸ ਦੀ ਭਾਈਵਾਲ ਭਾਜਪਾ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਇੱਕ ਵੀ ਵਾਅਦਾ ਪੁਗਾਉਣ ਵਿੱਚ ਅਸਫ਼ਲ ਰਹੇ ਜਦਕਿ ਇਸ ਦੇ ਉਲਟ ਕਾਂਗਰਸ ਸਰਕਾਰ ਨੇ ਨਾ ਸਿਰਫ ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਵਿੱਚੋਂ ਬਹੁਤਿਆਂ ਨੂੰ ਲਾਗੂ ਕਰ ਦਿੱਤਾ ਹੈ ਸਗੋਂ ਸੂਬੇ ਨੂੰ ਮੁੜ ਪਟੜੀ ’ਤੇ ਲਿਆਂਦਾ ਹੈ ਜਿਸ ਨੂੰ ਪਿਛਲੀ ਸਰਕਾਰ ਨੇ ਲੀਹੋਂ ਲਾਹ ਦਿੱਤਾ ਸੀ।