ਕੈਪਟਨ ਅਮਰਿੰਦਰ ਨੇ ਬਰਗਾੜੀ ਮਾਮਲੇ ’ਚ ਤੋੜੀ ਚੁੱਪੀ
ਪੰਜਾਬ ਵਿਧਾਨ ਸਭਾ ਦੇ ਆਖ਼ਰੀਲੇ ਦਿਨ ਕੈਪਟਨ ਮੀਂਹ ਵਾਂਗ ਅਕਾਲੀ ਦਲ ਦੇ 'ਤੇ ਵਰ੍ਹੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ ’ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ 2019 ਵਿੱਚ ਕੀਤੀਆਂ ਟਿੱਪਣੀਆਂ ਦੀ ਰੌਸ਼ਨੀ ਵਿੱਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ ਖੇਤਰ ’ਚ ਨਹੀਂ ਆਉਂਦਾ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਹਦਾਇਤਾਂ ਐਡਵੋਕੇਟ ਜਨਰਲ ਵੱਲੋਂ ਕਲੋਜ਼ਰ ਰਿਪੋਰਟ ਤੋਂ ਪਹਿਲਾਂ ਦੇ ਤੱਥਾਂ ਅਤੇ ਹਾਲਤਾਂ ਦੀ ਵਿਸਥਾਰਤ ਵਿੱਚ ਪੜਚੋਲ ਕਰਨ ਤੋਂ ਬਾਅਦ ਉਨਾਂ ਨਾਲ ਸਾਂਝੀ ਕੀਤੀ ਨਿਆਂਇਕ ਅਤੇ ਕਾਨੂੰਨੀ ਸਥਿਤੀ ਦੇ ਆਧਾਰ ’ਤੇ ਦਿੱਤੀਆਂ ਹਨ।
ਦੱਸਣਯੋਗ ਹੈ ਕਿ ਪਹਿਲਾਂ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਜਾਂਚ ’ਚ ਅੜਿਕਾ ਬਣੇ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ’ਚ ਨਾਕਾਮੀ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ।
ਇਸ ਸਮੁੱਚੇ ਮਾਮਲੇ ਵਿੱਚ ਅਕਾਲੀਆਂ ਦੀ ਸ਼ਰਮਨਾਕ ਅਤੇ ਅੜਿੱਕਾ ਡਾਹੁਣ ਵਾਲੀ ਭੂਮਿਕਾ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਜਾਂਚ ਲਮਕਾਉਣ ਲਈ ਕੇਸ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਅਤੇ ਹੁਣ ਕੇਂਦਰੀ ਏਜੰਸੀ ’ਤੇ ਕਾਹਲੀ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਲਈ ਦਬਾਅ ਬਣਾਇਆ ਗਿਆ।