ਚੰਡੀਗੜ੍ਹ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਾ ਸਿਆਸੀਕਰਨ ਲਈ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਤੌਰ ’ਤੇ ਮਨਾਉਣ ਦੇ ਯਤਨਾਂ ਵਿੱਚ ਅਕਾਲੀਆਂ ਵੱਲੋਂ ਅੜਿੱਕੇ ਡਾਹੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਇਜਾਜ਼ਤ,ਵੀਜ਼ਾ ਦੇਣ ਤੋਂ ਇਨਕਾਰ ਕਰਨ ਦੀ ਸਖ਼ਤ ਆਲੋਚਨਾ ਕੀਤੀ।
ਯਾਦਗਾਰੀ ਸਮਾਗਮਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਦਿਹਾੜੇ ਨੂੰ ਉਨਾਂ ਦੀ ਸਰਕਾਰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਮਨਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਸਾਂਝੇ ਰੂਪ ਵਿੱਚ ਮਨਾਉਣ ਲਈ ਸੂਬਾ ਸਰਕਾਰ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਹਰ ਹੱਥਕੰਡਾ ਵਰਤ ਕੇ ਇਨਾਂ ਕੋਸ਼ਿਸ਼ਾਂ ਨੂੰ ਲੀਹੋਂ ਲਾਹੁਣ ਦੀਆਂ ਘਟੀਆ ਚਾਲਾਂ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਖਾਸ ਤੌਰ ’ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਘਟੀਆ ਪੱਧਰ ਦੀ ਸਿਆਸਤ ਕਰ ਰਹੇ ਹਨ।
ਕੈਪਟਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਉਨ੍ਹਾਂ ਦੀ ਸਰਕਾਰ ਨੇ 550 ਕਰੋੜ ਰੁਪਏ ਖਰਚੇ ਹਨ ਜਦਕਿ ਅਕਾਲੀ ਦਲ ਅਤੇ ਉਸ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਪਵਿੱਤਰ ਮੌਕੇ ਨੂੰ ਸਿਆਸੀ ਡਰਾਮੇ ਦਾ ਰੂਪ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਅਤੇ ਪੰਜਾਬ ਦੇ ਹੋਰ ਨੁਮਾਇੰਦਿਆਂ ਨੂੰ ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਲਈ ਵੀਜ਼ਾ ਦੇਣ ਤੋਂ ਇਨਕਾਰ ਕਰਨ ਨੂੰ ਬਹੁਤ ਹੀ ਮੰਦਭਾਗਾ ਦੱਸਿਆ।
ਉਨਾਂ ਕਿਹਾ ਕਿ ਧਾਰਮਿਕ ਸਮਾਗਮਾਂ ਮੌਕੇ ਸਿਆਸਤ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਤੈਅ ਕੀਤੀ 20 ਡਾਲਰ ਫੀਸ ਨੂੰ ਵਾਪਸ ਲੈਣ ਤੋਂ ਇਨਕਾਰ ਕਰਨ ’ਤੇ ਪਾਕਿਸਤਾਨ ਵਿਰੁੱਧ ਮੁੜ ਰੋਸ ਜ਼ਾਹਿਰ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਕਾਸ ਪ੍ਰੋਜੈਕਟਾਂ ਵਿੱਚੋਂ ਬਹੁਤਿਆਂ ਲਈ ਫੰਡ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਦਾਅਵਿਆਂ ਨੂੰ ਬਕਵਾਸ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਕੇਂਦਰ ਨੇ ਸਿਰਫ਼ ਦੋ ਪ੍ਰੋਜੈਕਟਾਂ ਲਈ ਪੈਸਾ ਦਿੱਤਾ ਹੈ ਜਿਨਾਂ ਵਿੱਚੋਂ ਇਕ ਲਈ ਕੁਝ ਫੰਡ ਅਸ਼ੰਕ ਤੌਰ ’ਤੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 550 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਬਾਕੀ ਸਮਾਗਮਾਂ ਲਈ ਹੋਰ ਫੰਡ ਖਰਚੇ ਜਾਣਗੇ।
ਹਰਸਿਮਰਤ ਵੱਲੋਂ ਉਠਾਏ ਮੁੱਦੇ ਦੀ ਸਿਆਸਤਬਾਜ਼ੀ ਵਿੱਚ ਪੈਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜਦੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜਥਾ ਗੁਜ਼ਰ ਰਿਹਾ ਹੋਵੇਗਾ ਤਾਂ ਉਸ ਵੇਲੇ ਦੇਸ਼ ਦੇ ਉਪ ਰਾਸ਼ਟਰਪਤੀ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹੋਣਗੇ।