ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਿਲਕੁਲ ਗ਼ੈਰ-ਸੰਜੀਦਾ ਅਤੇ ਭੜਕਾਊ ਹਨ। ਉਨਾਂ ਕਿਹਾ ਕਿ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਬਾਰੇ ਕੋਈ ਸੱਚਾ ਸਿੱਖ ਸੋਚ ਵੀ ਨਹੀਂ ਸਕਦਾ।
ਹਰਸਿਮਰਤ ਕੌਰ ਨੂੰ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਦੀ ਆਦਤ ਹੈ ਅਤੇ ਉਹ ਬਿਲਕੁਲ ਅਧੂਰੀ ਜਾਣਕਾਰੀ ਰੱਖਦੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਿਕ ਦਿਹਾੜੇ ਨੂੰ ਸਿੱਖ ਪੰਥ ਦੀ ਮਰਯਾਦਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਵਚਨਬੱਧ ਹੈ ਅਤੇ ਨਾਲ ਹੀ ਸਮਾਗਮਾਂ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝੀ ਸਮਾਗਮ ਕਮੇਟੀ ਬਣਾਉਣ ਦੇ ਦਿੱਤੇ ਪ੍ਰਸਤਾਵ ਨੂੰ ਮੰਨਣ ਲਈ ਵੀ ਤਿਆਰ-ਬਰ-ਤਿਆਰ ਹੈ। ਉਨਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਪੰਜ ਮੈਂਬਰੀ ਕਮੇਟੀ ਵਿੱਚ ਦੋ ਨੁਮਾਇੰਦੇ ਪੰਜਾਬ ਸਰਕਾਰ ਵੱਲੋਂ ਅਤੇ ਦੋ ਨੁਮਾਇੰਦੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਕੀਤੇ ਜਾਣੇ ਹਨ ਜਦਕਿ ਇਕ ਸਿੱਖ ਵਿਦਵਾਨ ਨੂੰ ਮੈਂਬਰ ਦੇ ਤੌਰ ’ਤੇ ਸ਼ਾਮਿਲ ਕੀਤੇ ਜਾਣ ਦਾ ਪ੍ਰਸਤਾਵ ਹੈ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੇ ਬਿਆਨ ਦੀ ਵੀ ਤਿੱਖੀ ਨਿੰਦਾ ਕੀਤੀ ਜਿਸ ਰਾਹੀਂ ਉਨਾਂ ਕਿਹਾ ਸੀ ਕਿ ਪੰਜਾਬ ਨੂੰ ਕਿਸੇ ਖੇਤੀ ਅਧਾਰਿਤ ਪ੍ਰੋਜੈਕਟ ਦੀ ਲੋੜ ਨਹੀਂ, ਅਤੇ ਨਾਲ ਹੀ ਹੈਰਾਨੀ ਜਤਾਈ ਕਿ ਹਰਸਿਮਰਤ ਕੌਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਨਜਾਣ ਦਿੱਲੀ ਵਿੱਚ ਕਿਵੇਂ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਇਹ ਦਾਅਵਾ ਕਿਵੇਂ ਕਰ ਸਕਦੇ ਹਨ ਕਿ ਖੇਤੀ ਅਧਾਰਿਤ ਸੂਬੇ ਨੂੰ ਇਸ ਨਾਲ ਸਬੰਧਿਤ ਪ੍ਰੋਜੈਕਟ ਦੀ ਲੋੜ ਨਹੀਂ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਸੀ.ਬੀ.ਆਈ.ਰਾਹੀਂ ਲੀਹੋਂ ਲਾਹੁਣ ਦੇ ਯਤਨਾਂ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਮਤੇ ਅਨੁਸਾਰ ਜਾਂਚ ਸੀ.ਬੀ.ਆਈ. ਕੋਲੋਂ ਵਾਪਿਸ ਲੈ ਕੇ ਐਸ.ਆਈ.ਟੀ. ਨੂੰ ਦੇਣ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨਾਂ ਸੀ.ਬੀ.ਆਈ. ਦੀ ਪਹੁੰਚ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੀ.ਬੀ.ਆਈ. ਵਲੋਂ ਸਾਰੇ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦਾਖਿਲ ਕਰਨ ਪਿਛੋਂ ਹੁਣ ਇਹ ਜਾਂਚ ਐਸ.ਆਈ.ਟੀ. ਨੂੰ ਸੌਂਪਣ ਤੋਂ ਕੌਣ ਰੋਕ ਰਿਹਾ ਹੈ। ਉਨਾਂ ਕਿਹਾ ਕਿ ਸੀ.ਬੀ.ਆਈ. ਸਿੱਧੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਨਹੀਂ ਸਗੋਂ ਪ੍ਰਸੋਨਲ ਮੰਤਰਾਲੇ ਦੇ ਅਧੀਨ ਕੰਮ ਕਰਦੀ ਹੈ। ਉਨਾਂ ਕਿਹਾ ਕਿ ਬਾਦਲਾਂ ਵਲੋਂ ਨਿਆਂ ਦੇ ਰਸਤੇ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਉਨਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਸੀ.ਬੀ.ਆਈ.ਨੂੰ ਕਿਉਂ ਸੌਂਪੀ ਗਈ ।