ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮਿਲ ਸਕਦੈ ਮੁਆਵਜ਼ਾ - ਖ਼ਰਾਬ ਫ਼ਸਲਾ
ਪਿਛਲੇ ਦਿਨੀਂ ਪਏ ਮੀਂਹ ਤੇ ਹਨ੍ਹੇਰੀ ਨਾਲ ਸੂਬੇ ਦੇ ਕਈ ਜ਼ਿਲ੍ਹਿਆ ਵਿੱਚ ਹੋਏ ਫ਼ਸਲਾਂ ਦੇ ਨੁਕਸਾਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਥਿਤੀ ਦਾ ਜਾਇਜ਼ਾ ਲੈਣ ਦੇ ਦਿੱਤੇ ਹੁਕਮ। ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਦੀ ਨਿਗਰਾਨੀ ਕਰਨ ਤੇ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ।
ਚੰਡੀਗੜ੍ਹ: ਬੇਮੌਸਮੇ ਮੀਂਹ ਅਤੇ ਹਨ੍ਹੇਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਗੰਭੀਰ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਕਿਹਾ ਤਾਂ ਕਿ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਸਕੇ।
ਮੀਂਹ ਤੇ ਹਨੇਰੀ ਨਾਲ ਖੜ੍ਹੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸੌਂਪੀਆਂ ਗਈਆਂ ਰਿਪੋਰਟਾਂ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਨੇ ਸਰਕਾਰੀ ਨਿਯਮਾਂ ਮੁਤਾਬਕ ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।