ਚੰਡੀਗੜ੍ਹ: ਕੋਵਿਡ ਮਾਮਲਿਆਂ ਅਤੇ ਮੌਤ ਦਰ ਵਿੱਚ ਕਮੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਸਾਰੀਆਂ ਛੋਟਾਂ ਦੇ ਆਦੇਸ਼ ਦਿੱਤੇ ਹਨ, ਜਿਨ੍ਹਾਂ ਵਿੱਚ ਰਾਤ ਦਾ ਕਰਫ਼ਿਊ ਅਤੇ ਐਤਵਾਰ ਦਾ ਲੌਕਡਾਊਨ ਖ਼ਤਮ ਕਰਨਾ ਸ਼ਾਮਲ ਹੈ। ਇਸ ਦੇ ਨਾਲ ਡੀ.ਜੀ.ਪੀ. ਨੂੰ ਮਾਸਕ ਪਹਿਨਣ ਅਤੇ ਹੋਰ ਸੁਰੱਖਿਆ ਇਹਤਿਆਤ ਦੀ ਪਾਲਣਾ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀਆਂ ਛੋਟਾਂ ਦੇ ਐਲਾਨ ਵਿੱਚ ਸੂਬੇ ਵਿੱਚ ਵਿਆਹ ਤੇ ਸਸਕਾਰ ਮੌਕੇ ਵਿਅਕਤੀਆਂ ਦੀ ਹੱਦ ਵਧਾ ਕੇ 100 ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਵਿੱਚ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਅਤੇ ਬੱਸਾਂ ਵਿੱਚ 50 ਫ਼ੀਸਦੀ ਸਵਾਰੀਆਂ ਦੀ ਸਮਰੱਥਾ ਵਿੱਚ ਵੀ ਢਿੱਲ ਦੇ ਦਿੱਤੀ ਹੈ ਬਸ਼ਰਤੇ ਸਫਰ ਦੌਰਾਨ ਤਾਕੀਆਂ ਖੁੱਲ੍ਹੀਆਂ ਹੋਣ।