ਪੰਜਾਬ

punjab

ETV Bharat / state

ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਕੈਪਟਨ ਨੇ ਦਿੱਤੀ ਸ਼ਰਧਾਂਜਲੀ - 20ਵੀਂ ਵਰ੍ਹੇਗੰਢ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੀ 20ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਹ ਸਮਾਗਮ ਬੋਗਨਵਿਲੀਆ ਗਾਰਡਨ 'ਚ ਸਥਿਤ ਜੰਗੀ ਯਾਦਗਾਰ ਵਿਖੇ ਕਰਵਾਇਆ ਗਿਆ। ਕੈਪਟਨ ਨੇ ਮੌਜੂਦ ਲੋਕਾਂ ਨੂੰ ਦੇਸ਼ ਭਗਤੀ ਤੇ ਰਾਸ਼ਟਰਵਾਦ ਦੇ ਜਜ਼ਬੇ ਪ੍ਰਤੀ ਸਮਰਪਿਤ ਹੋਣ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

By

Published : Jul 27, 2019, 12:25 PM IST

ਚੰਡੀਗੜ੍ਹ: ਇੱਕ ਪਾਸੇ ਜਿਥੇ ਪੁਰੇ ਦੇਸ਼ ਨੇ ਕਾਰਗਿਲ ਜੰਗ ਦੀ 20ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਪਟਨ ਨੇ ਬੋਗਨਵਿਲੀਆ ਗਾਰਡਨ 'ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕਰਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਕਾਰਗਿਲ ਵਿਜੈ ਦਿਵਸ 'ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਬਹਾਦਰ ਜਵਾਨਾਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ ਦਿੱਤਾ ਤੇ ਆਪਣੇ ਆਪ ਨੂੰ ਦੇਸ਼ ਭਗਤੀ ਤੇ ਰਾਸ਼ਟਰਵਾਦ ਦੇ ਜਜ਼ਬੇ ਪ੍ਰਤੀ ਸਮਰਪਿਤ ਹੋਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੌਰਾਨ ਰੱਖਿਆ ਸੈਨਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ 54 ਕਾਰਗਿਲ ਜੰਗੀ ਨਾਇਕਾਂ ਨੂੰ ਸ਼ਰਧਾਂਜਲੀਆਂ ਦੇਣ ਅਤੇ ਉਨ੍ਹਾਂ ਦੇ ਵਾਰਸਾਂ ਅਤੇ ਵੀਰ ਨਾਰੀਆਂ ਦੇ ਸਨਮਾਨ ਲਈ ਅਜਿਹੇ ਯਾਦਗਾਰੀ ਸਮਾਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਵੀ ਨਾਲੋ-ਨਾਲ ਕਰਵਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐੱਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਲਾਹਕਾਰ ਨਿਵੇਸ਼ ਪੰਜਾਬ ਮੇਜਰ ਬੀ.ਐੱਸ. ਕੋਹਲੀ ਤੋਂ ਇਲਾਵਾ ਰੱਖਿਆ ਸੈਨਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

ABOUT THE AUTHOR

...view details