ਚੰਡੀਗੜ: ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਸਾਉਣੀ 2020 ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਲਈ ਰਾਹਤ ਦਿੱਤੀ ਹੈ।
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਦੇ ਲਈ 23,500 ਖੇਤੀ ਮਸ਼ੀਨਾਂ/ਸੰਦਾਂ ਨੂੰ ਖਰੀਦਣ ਦੇ ਲਈ 300 ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ ਨੂੰ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।
ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਸੰਭਾਲ ਦੇ ਲਈ ਮਸ਼ੀਨਾਂ ਨੂੰ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ।
ਤਿਵਾੜੀ ਨੇ ਅੱਗੇ ਦੱਸਿਆ ਕਿ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ 7000 ਕਿਸਾਨਾਂ ਅਤੇ 5000 ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ ਇਹ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਿਨ੍ਹਾਂ ਨਾਲ ਕਿਸਾਨ ਫ਼ਸਲਾਂ ਨੂੰ ਅੱਗ ਲਾਉਣ ਤੋਂ ਸੰਜਮ ਵਰਤਣਗੇ ਤਾਂ ਜੋ ਪੰਜਾਬ ਨੂੰ ‘ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਅਕਤੀਗਤ ਰੂਪ ਵਿੱਚ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਜਦਕਿ ਸੁਸਾਇਟੀਆਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫ਼ੀਸਦੀ ਸਬਸਿਡੀ ਮਿਲੇਗੀ।
ਸੂਬਾ ਸਰਕਾਰ ਪਿਛਲੇ ਦੋ ਸਾਲਾਂ ਵਿੱਚ ਕਿਸਾਨਾਂ ਨੂੰ 480 ਕਰੋੜ ਰੁਪਏ ਦੀ ਸਬਸਿਡੀ ’ਤੇ 51,000 ਮਸ਼ੀਨਾਂ ਮੁਹੱਈਆ ਕਰਵਾ ਚੁੱਕੀ ਹੈ।