ਚੰਡੀਗੜ੍ਹ: ਹਫ਼ਤਾਵਰੀ ਫੇਸਬੁੱਕ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਮੁੱਖ ਮੰਤਰੀ ਨੇ ਕੁਝ ਪੰਜਾਬ ਦੇ ਗਾਇਕਾਂ ਵੱਲੋਂ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਪ੍ਰਸੰਗ ਵਿੱਚ ਮੁੱਖ ਮੰਤਰੀ ਵੱਲੋਂ ਸਮੁੱਚੇ ਗਾਇਕਾਂ ਨੂੰ ਅਜਿਹੇ ਗਾਣੇ ਨਾ ਗਾਉਣ ਅਤੇ ਇਸ ਦੀ ਥਾਂ ਪੰਜਾਬੀ ਸਭਿਆਚਾਰ ਅਤੇ ਸੋਚ ਪ੍ਰਤੀ ਪ੍ਰੇਰਨ ਦੀ ਅਪੀਲ ਕੀਤੀ ਗਈ। ਕੈਪਟਨ ਨੇ ਕਿਹਾ ਕਿ ਗਾਇਕਾਂ ਨੂੰ ਗ੍ਰਿਫਤਾਰ ਕਰਨਾ ਅਸਲ ਵਿੱਚ ਕੋਈ ਹੱਲ ਨਹੀਂ ਅਤੇ ਇਨ੍ਹਾਂ ਲੋਕਾਂ ਨੂੰ ਨੌਜਵਾਨਾਂ ਉੱਪਰ ਅਜਿਹੇ ਗੀਤਾਂ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਸਮਝਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਇਸ ਪ੍ਰੋਗਰਾਮ ਦੌਰਾਨ ਕੋਵਿਡ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਕੇ ਪੰਜਾਬੀਆਂ ਦੇ ਜੀਵਨ ਨੂੰ ਜੋਖਮ ਵਿੱਚ ਪਾਉਣ ਵਾਲੇ ਲੋਕਾਂ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਕਿਉ ਜੋ ਸੂਬੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਕੇਸਾਂ ਦਾ ਵੱਧਦਾ ਅੰਕੜਾ ਸਾਹਮਣੇ ਆ ਰਿਹਾ ਹੈ।