ਚੰਡੀਗੜ੍ਹ: ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ 'ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਕੈਪਟਨ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ, ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ, ਤਾਂ ਜੋ ਉਹ ਇਸ ਰਾਸ਼ੀ ਨਾਲ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਢੁਕਵਾਂ ਪ੍ਰਬੰਧ ਕਰ ਸਕਣ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਝੋਨੇ ਦੀ ਵਢਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਅਤੇ ਅਗਲੇ 10 ਦਿਨਾਂ ਵਿੱਚ ਇਹ ਕੰਮ ਪੂਰੇ ਸਿਖਰ 'ਤੇ ਪਹੁੰਚ ਜਾਵੇਗਾ। ਇਸ ਸੀਜ਼ਨ ਦੌਰਾਨ ਇੱਕ ਵਾਰ ਫੇਰ ਪੰਜਾਬ ਦੇ ਕਿਸਾਨਾਂ ਨੂੰ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨ ਦੀ ਚੁਣੌਤੀ ਦਰ ਪੇਸ਼ ਹੈ।
ਇਹ ਵੀ ਪੜ੍ਹੋਂ: ਹੜ੍ਹਾਂ ਤੋਂ ਬਾਅਦ ਅਸਮਾਨੀ ਚੜ੍ਹੇ ਪਿਆਜ਼ ਦੇ ਭਾਅ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ 'ਤੇ ਉਹ ਸਭ ਕਰ ਰਹੀ ਹੈ, ਜੋ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ। ਜਦਕਿ ਇਸ ਸਾਲ 26,000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨਾਂ ਨੂੰ ਜ਼ਮੀਨੀ ਪੱਧਰ 'ਤੇ ਪਰਾਲੀ ਨਾ ਸਾੜਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਕਿਵੇਂ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅਗਲੀ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਸਮਾਂ ਘੱਟ ਹੋਣ ਕਾਰਨ ਕਿਸਾਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਲਾਗਤ ਬਚਾਉਣ ਲਈ ਇਸ ਪਰਾਲੀ ਨੂੰ ਸਾੜਨ ਦਾ ਸਹਾਰਾ ਲੈਂਦੇ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਪ੍ਰਬੰਧਨ ਕਰਨ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ, ਜੋ ਕਿ ਉਹ ਬਰਦਾਸ਼ਤ ਨਹੀਂ ਕਰ ਸਕਦੇ।