ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਤਾਲਮੇਲ ਲਈ 3 ਮੈਂਬਰੀ ਕੈਬਿਨੇਟ ਵਜ਼ੀਰਾਂ ਦੀ ਕਮੇਟੀ ਬਣਾਈ ਸੀ, ਜਿਸ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਸਣੇ ਕਿਸਾਨਾਂ ਨਾਲ ਬੈਠਕ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਸਣੇ ਏ.ਪੀ.ਐੱਮ.ਸੀ. ਮੰਡੀ ਐਕਟ ਅਤੇ ਕੰਟਰੈਕਟ ਫਾਰਮਿੰਗ ਸੋਧ ਐਕਟ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ। ਜਿਸ ਤੋਂ ਬਾਅਦ ਕਾਂਗਰਸ ਸਰਕਾਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ। ਧਰਨੇ ਤੋਂ ਡਰਦਿਆਂ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁੱਖ ਸਰਕਾਰੀਆ ਆਪਣੀਆਂ ਗੱਡੀਆਂ ਛੱਡ ਪੰਜਾਬ ਭਵਨ ਦੇ ਪਿਛਲੇ ਰਸਤੇ ਤੋਂ ਤਾਰਾਂ ਟੱਪ ਅਕਾਲੀਆਂ ਤੋਂ ਬਚ ਕੇ ਨਿਕਲਦੇ ਬਣੇ।