ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਵਲੋਂ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ 'ਚ ਪ੍ਰਾਪਤੀਆਂ ਦੇ ਰਿਪੋਰਟ ਕਾਰਡ ‘ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਪੂਰਾ ਕਰਨ ਦਾ ਦਾਅਵਾ ਕਰ ਰਹੇ ਹਨ, ਜਦੋਂਕਿ ਅਸਲੀਅਤ ਬਿਲਕੁਲ ਉਲਟ ਹੈ। ਕਰਜ਼ੇ ਕਾਰਨ ਅੱਜ ਵੀ ਕਿਸਾਨ ਰੋਜ਼ਾਨਾ ਖੁਦਕੁਸ਼ੀਆਂ ਕਰ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ 85 ਫ਼ੀਸਦ ਵਾਅਦੇ ਪੂਰੇ ਕੀਤੇ ਹਨ, ਪਰ ਜ਼ਮੀਨੀ ਹਕੀਕਤ ਵਿੱਚ ਅਜਿਹਾ ਕੁਝ ਨਹੀਂ ਹੈ। ਸੂਬੇ ਦੇ ਕਰਮਚਾਰੀ ਕੈਪਟਨ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ, ਕਾਂਗਰਸ ਸਰਕਾਰ ਉਨ੍ਹਾਂ 'ਤੇ ਤਾਕਤ ਦੀ ਵਰਤੋਂ ਕਰ ਰਹੀ ਹੈ।
ਸ਼ਰਮਾ ਨੇ ਕਿਹਾ ਕਿ ਕੈਪਟਨ ਨੇ 2017 ਦੀਆਂ ਚੋਣਾਂ 'ਚ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਉਦਯੋਗ ਪੰਜਾਬ ਤੋਂ ਪਰਵਾਸ ਕਰ ਚੁੱਕੇ ਹਨ ਜਾਂ ਕਰ ਰਹੇ ਹਨ। ਕੈਪਟਨ ਨੇ ਪਵਿੱਤਰ ਗੁਟਕਾ ਸਾਹਿਬ ਨੂੰ ਹੱਥ 'ਚ ਫੜ ਕੇ ਚਾਰ ਹਫ਼ਤਿਆਂ 'ਚ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ, ਘਰ-ਘਰ ਰੁਜ਼ਗਾਰ, ਵਿਦਿਆਰਥੀਆਂ ਨੂੰ ਮੋਬਾਈਲ ਆਦਿ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ, ਜੋ ਹੁਣ ਤੱਕ ਪੂਰੇ ਨਾ ਹੋਏ। ਕੈਪਟਨ ਸਰਕਾਰ ਮਾਫ਼ੀਆ ਦੇ ਅਧੀਨ ਕੰਮ ਕਰ ਰਹੀ ਹੈ ਅਤੇ ਉਸ ਦੇ ਆਪਣੇ ਮੰਤਰੀ ਮਾਫ਼ੀਆ ਚਲਾ ਰਹੇ ਹਨ। ਕੋਰੋਨਾ ਕਾਲ 'ਚ ਤਾਲਾਬੰਦੀ ਦੌਰਾਨ ਸ਼ਰਾਬ ਮਾਫ਼ੀਆ ਨੇ ਪੁਲਿਸ ਦੇ ਨੱਕ ਹੇਠ ਪੰਜਾਬ ਦੇ ਖਜ਼ਾਨੇ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਪਹੁੰਚਾਇਆ।