ਚੰਡੀਗੜ੍ਹ :ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ’ਚ ਸੋਮਵਾਰ ਨੂੰ ‘ਕੈਪਟਨ’ ਲਾਬੀ ਦੇ ‘ਕੈਬਨਿਟ ਮੰਤਰੀ’ ਨੇ ਆਖਿਰ ਸਿੱਧੂ ਖਿਲਾਫ਼ ਕਾਰਵਾਈ ਨੂੰ ਲੈ ਕੇ ਇਕਜੁੱਟ ਹੋ ਗਏ ਹਨ ਅਤੇ ਸਪੱਸ਼ਟ ਹੈ ਕਿ ਅਨੁਸ਼ਾਸਨ ਕਾਰਵਾਈ ਕਿਸੇ ਵੇਲੇ ਵੀ ਹੋ ਸਕਦੀ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਖੁੱਲ੍ਹ ਕੇ ਨਿੱਤਰਦੇ ਹੋਏ ਕਈ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕਾਂਗਰਸ ਹਾਈ ਕਮਾਂਡ ਨੂੰ ਸਿੱਧੂ ਖਿਲਾਫ਼ ਐਕਸਨ ਲੈਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ।
ਕੈਪਟਨ ਲਾਬੀ ਦੇ ਕੈਬਨਿਟ ਮੰਤਰੀਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਇਕਜੁੱਟ ਹੋ ਕੇ ਨਵਜੋਤ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਕਰੜੇ ਹੱਥੀਂ ਲਿਆ ਅਤੇ ਉਸੇ ਪਾਰਟੀ ਦਾ ਚੁਣਿਆ ਵਿਧਾਇਕ ਹੋਣ ਦੇ ਬਾਵਜੂਦ ਕਾਂਗਰਸੀ ਮੁੱਖ ਮੰਤਰੀ ਦੀ ਖੁੱਲ੍ਹ ਕੇ ਆਲੋਚਨਾ ਕੀਤੇ ਜਾਣ ਦੀ ਕਰੜੀ ਨਿੰਦਾ ਕੀਤੀ।
ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਨੂੰ ਘੋਰ ਗੈਰ ਅਨੁਸ਼ਾਸਨ ਅਤੇ ਸੂਬੇ ਦੀ ਕਾਂਗਰਸ ਸਰਕਾਰ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਦੱਸਦੇ ਹੋਏ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਨਿੱਜੀ ਕਿਸਮ ਦੇ ਹਮਲੇ ਕਰਨਾ ਪਾਰਟੀ ਵਿਰੋਧੀ ਕਾਰਾ ਹੈ, ਜੋ ਕਿ ਤੁਰੰਤ ਹੀ ਅਨੁਸ਼ਾਸਨੀ ਕਾਰਵਾਈ ਦੀ ਮੰਗ ਕਰਦਾ ਹੈ।
ਮੰਤਰੀਆਂ ਨੇ ਕਿਹਾ ਕਿ ਸਿੱਧੂ ਵੱਲੋਂ ਮੁੱਖ ਮੰਤਰੀ ਖਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੂੰ ਇੱਕ ਲੋਕਤੰਤਰੀ ਸਿਆਸੀ ਦਲ ਦੇ ਨਾਰਾਜ਼ ਮੈਂਬਰ ਦਾ ਗੁੱਸਾ ਕਹਿ ਕੇ ਹੁਣ ਹੋਰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਹ ਖੁੱਲ੍ਹੀ ਬਗਾਵਤ ਉਸ ਵੇਲੇ ਕਾਂਗਰਸ ਦੇ ਹਿੱਤਾਂ ਨੂੰ ਢਾਹ ਲਾ ਰਹੀ ਹੈ ਜਦੋਂ ਕਿ ਅਸੈਂਬਲੀ ਚੋਣਾਂ ਵਿੱਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ।