ਚੰਡੀਗੜ੍ਹ: ਸ਼ਰਾਬ ਨੀਤੀ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਦਿੱਲੀ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਦੋ ਦਿਨ ਦਿੱਲੀ 'ਚ ਹੀ ਰਹਿਣਗੇ। ਦੱਸ ਦਈਏ ਕਿ ਸੀਬੀਆਈ ਵੱਲੋਂ ਕੁੱਝ ਸਮਾਂ ਪਹਿਲਾਂ ਦਿੱਲੀ ਆਬਕਾਰੀ ਨੀਤੀ ਵਿੱਚ ਰਾਜਧਾਨੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਠੋਸ ਸਬੂਤਾਂ ਦੇ ਅਧਾਰ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸੇ ਮਾਮਲੇ ਵਿੱਚ ਸੀਬੀਆਈ ਵੱਲੋਂ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ ਅਤੇ ਕਿਆਸਰਾਈਆਂ ਇਹ ਨੇ ਕਿ ਜੇਕਰ ਕੇਜਰੀਵਾਲ ਖ਼ਿਲਾਫ਼ ਸੀਬੀਆਈ ਹੱਥ ਠੋਸ ਸਬੂਤ ਲੱਗਦੇ ਨੇ ਤਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਜਰੀਵਾਲ ਨਾਲ ਖੜ੍ਹੇ ਹੋਣ ਦਾ ਸੰਕੇਤ ਦਿੱਤਾ ਹੈ।
ਸੀਐੱਮ ਮਾਨ ਦਾ ਟਵੀਟ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਉਂਦੇ ਹਨ। ਲੋਕਾਂ ਦੇ ਦਿਲਾਂ ਵਿੱਚੋਂ ਕਿਸੇ ਨੂੰ ਡਿਲੀਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਚੱਟਾਨ ਵਾਂਗ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਾਂ ਅਤੇ ਡਟ ਕੇ ਉਨ੍ਹਾਂ ਦਾ ਇਸ ਇਨਕਲਾਬ ਵਿੱਚ ਸਾਥ ਦੇਵਾਂਗੇ।