ਚੰਡੀਗੜ੍ਹ ਡੈਸਕ :ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਮਰਥਕ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।
ਨਹੀਂ ਆ ਰਿਹਾ ਸੀ ਗਵਾਹ :ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਗਵਾਹ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।
10 ਅਗਸਤ ਨੂੰ ਪੇਸ਼ੀ ਦੇ ਸੀ ਹੁਕਮ :ਇਹ ਵੀ ਯਾਦ ਰਹੇ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਆਗੂ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਜਗਤਾਰ ਸਿੰਘ ਹਵਾਰਾ ਨੂੰ 10 ਅਗਸਤ ਨੂੰ ਮਾਣਯੋਗ ਅਦਾਲਤ ਦੇ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਹਾਲਾਂਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ ਅਤੇ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਚ ਪੇਸ਼ ਕੀਤਾ ਗਿਆ ਸੀ। ਮੰਗਲਵਾਰ ਨੂੰ ਸੁਣਵਾਈ ਨਹੀਂ ਹੋਈ ਅਤੇ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ।
ਇਸ ਉੱਪਰ ਬਿਆਨ ਦਿੰਦੇ ਹੋਏ ਹਵਾਰਾ ਕਮੇਟੀ ਦੇ ਮੈਂਬਰ ਪ੍ਰੋਫੈਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਕਈ ਵਾਰ ਜਗਤਾਰ ਸਿੰਘ ਹਵਾਰਾ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ ਪਰ ਸਮੇਂ 'ਤੇ ਸਰਕਾਰਾਂ ਜਾਂ ਏਜੰਸੀਆਂ ਵਲੋਂ ਸੁਰੱਖਿਆ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਵਾਰ ਇਹ ਉਮੀਦ ਕੀਤੀ ਜਾਂਦੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕੀਤਾ ਜਾਵੇਗਾ।