ਚੰਡੀਗੜ੍ਹ: ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 8 ਫਰਵਰੀ ਨੂੰ ਹੋਈ ਹਿੰਸਾ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਦੋ ਵਕੀਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਬਾਰ ਐਸੋਸੀਏਸ਼ਨ ਨੇ ਇਹ ਫੈਸਲਾ ਲਿਆ ਹੈ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦਾ ਕੰਮਕਾਜ ਠੱਪ ਰਹੇਗਾ।। ਬਾਰ ਦੀ ਕਾਰਜਕਾਰਨੀ ਨੇ ਹੰਗਾਮੀ ਮੀਟਿੰਗ ਬੁਲਾਈ ਅਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਐਡਵੋਕੇਟ ਅਮਰ ਸਿੰਘ ਚਾਹਲ ਅਤੇ ਦਿਲਸ਼ੇਰ ਸਿੰਘ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਹੈ।
ਐੱਸਐੱਸਪੀ ਨੂੰ ਦਿੱਤਾ ਮੰਗ ਪੱਤਰ :ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਦੀ ਐੱਸਐੱਸਪੀ ਮਨੀਸ਼ਾ ਚੌਧਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਦੋਵਾਂ ਵਕੀਲਾਂ ਵਿਰੁੱਧ ਦਰਜ ਪਰਚੇ ਰੱਦ ਕਰਵਾਏ ਜਾਣ। ਬਾਰ ਐਸੋਸੀਏਸ਼ਨ ਅਗਲੀ ਰਣਨੀਤੀ ਸਬੰਧੀ ਅੱਜ ਦੁਪਹਿਰ 12 ਵਜੇ ਇਸ ਮੁੱਦੇ 'ਤੇ ਜਨਰਲ ਹਾਊਸ ਦੀ ਮੀਟਿੰਗ ਵੀ ਬੁਲਾਈ ਗਈ ਹੈ। ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲਾ, ਜਸਵਿੰਦਰ ਸਿੰਘ ਰਾਜਪੁਰਾ, ਰੁਪਿੰਦਰਜੀਤ ਸਿੰਘ ਆਦਿ ਸ਼ਾਮਲ ਹਨ ।ਸੈਕਟਰ 34 ਥਾਣੇ ਦੇ ਐਸਐਚਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।