ਚੰਡੀਗੜ੍ਹ: ਮੋਹਾਲੀ ਚੰਡੀਗੜ੍ਹ ਬਾਰਡਰ ਉੱਤੇ ਬੀਤੇ ਦਿਨੀ ਜਿੰਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਉੱਤੇ ਹਮਲਾ ਕੀਤਾ ਸੀ ਪੁਲਿਸ ਨੇ ਉਨ੍ਹਾਂ ਹਮਲਾਵਰਾਂ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕੀਤੀ ਹਨ। ਪੁਲਿਸ ਨੇ ਕੁੱਲ 10 ਹਮਲਾਵਰਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿੰਨ੍ਹਾਂ ਵਿੱਚੋਂ ਤਿੰਨ ਜਣਿਆਂ ਦੇ ਨਾਂਅ ਵੀ ਜਨਤਕ ਕੀਤੇ ਹਨ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਬਾਰੇ ਜਾਣਕਾਰੀ ਈਮੇਲ firno.63@gmail.com ਜਾਂ ਵਟਸਐਪ ਨੰਬਰ 98759-84001 'ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਪੁਲਿਸ ਨਾਲ ਝੜਪ : ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਅਤੇ ਮੋਹਾਲੀ ਦੀ ਸਰਹੱਦ 'ਤੇ ਪੁਲਿਸ ਅਤੇ ਕੌਮੀ ਇਨਸਾਫ਼ ਮੋਰਚਾ ਵਿਚਾਲੇ ਹਿੰਸਕ ਝੜਪ ਹੋਈ ਸੀ। ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਨੂੰ ਲੈ ਕੇ ਹੰਗਾਮਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਲਾਠੀਆਂ ਦੀ ਵਰਤੋਂ ਕੀਤੀ ਅਤੇ ਤਲਵਾਰਾਂ ਵੀ ਚਲਾਈਆਂ। ਪ੍ਰਦਰਸ਼ਨਕਾਰੀ ਪੁਲਿਸ 'ਤੇ ਗੋਲੀਆਂ ਚਲਾਉਂਦੇ ਅਤੇ ਤਲਵਾਰਾਂ ਲਹਿਰਾਉਂਦੇ ਦੇਖੇ ਗਏ। ਇਸ ਦੌਰਾਨ ਕੁਝ ਨਿਹੰਗ ਸਿੰਘ ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜਲੇ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ 'ਤੇ ਲਾਇਆ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ ਸਨ। ਇਸ ਕਾਰਨ ਯੂਟੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਨਾਲ ਲਾਠੀਚਾਰਜ ਕਰਨਾ ਪਿਆ ਪਰ ਪ੍ਰਦਰਸ਼ਨਕਾਰੀ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ।