ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ ਦੇ ਚੈੱਕ ਸੌਂਪੇ ਹਨ। ਇਹ 12 ਲੱਖ ਰੁਪਏ ਪ੍ਰਤੀ ਬੱਚਾ 4 ਲੱਖ ਰੁਪਏ ਦੇ ਹਿਸਾਬ ਨਾਲ ਵੰਡੇ ਜਾਣਗੇ। ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ.ਐਸ.ਆਈ ਸੰਜੀਵ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਏ.ਐਸ.ਆਈ ਪਰਨਾਮ ਸਿੰਘ ਅਤੇ ਏ.ਐਸ.ਆਈ ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਵੰਡੇ
ਮੁੱਖ ਮੰਤਰੀ ਨੇ ਸ਼ਹੀਦ ਅਤੇ ਵੱਖ-ਵੱਖ ਹਾਦਸਿਆਂ 'ਚ ਜਾਨ ਗਵਾਉਣ ਵਾਲੇ ਪੁਲਿਸ ਕਰਮਚਾਰੀਆਂ ਦੇ ਵਾਰਿਸਾਂ ਨੂੰ ਵੰਡੇ 2 ਕਰੋੜ ਰੁਪਏ ਦੇ ਚੈੱਕ - ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਮੁਲਾਜਮ
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ ਹਨ। ਪੁਲਿਸ ਕਰਮੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ 4-4 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।
ਪਰਿਵਾਰਾਂ ਦੀ ਮਦਦ ਸਰਕਾਰ ਦਾ ਫਰਜ਼ :ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ। (ਪ੍ਰੈੱਸ ਨੋਟ)