ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵੱਲੋਂ ਮੁਲਕ ਉਪਰ ਜਬਰੀ ਥੋਪੇ ਗਏ ਖੇਤੀ ਕਾਨੂੰਨਾਂ ਨੂੰ ਅਕਾਲੀਆਂ ਦੀ ਭਾਈਵਾਲੀ ਵਾਲੀ ਭਾਜਪਾ ਦੀ ਐਨ.ਡੀ.ਏ. ਦੀ 'ਕਿਸਾਨ ਮਾਰੂ, ਪੰਜਾਬ ਮਾਰੂ' ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਕੁਝ ਵਾਪਰਨ ਦੇ ਬਾਵਜੂਦ ਅਕਾਲੀ ਆਪਣੇ ਸੂਬੇ ਅਤੇ ਲੋਕਾਂ ਦੀ ਕੀਮਤ 'ਤੇ ਬੇਸ਼ਰਮੀ ਨਾਲ ਗੱਠਜੋੜ ਦਾ ਭਾਈਵਾਲ ਬਣੇ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਮੁੜ ਚਿਤਾਵਨੀ ਦਿੱਤੀ ਕਿ ਇਹ ਕਾਨੂੰਨ ਸਰਹੱਦੀ ਸੂਬੇ ਦੇ ਲੋਕਾਂ ਵਿੱਚ ਰੋਹ ਵਿੱਚ ਭਾਵਨਾ ਪੈਦਾ ਕਰਨਗੇ, ਜਿਸ ਨਾਲ ਪਾਕਿਸਤਾਨ ਨੂੰ ਹੋਰ ਅੱਗ ਭੜਕਾਉਣ ਦਾ ਮੌਕਾ ਮਿਲ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਵਿਰੋਧੀ ਕਦਮ ਪੰਜਾਬ ਦੀ ਆਬੋ-ਹਵਾ ਨੂੰ ਖਰਾਬ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਮੁੜ ਵਿਚਾਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮੁਲਕ ਦੀ ਅੰਨ ਸੁਰੱਖਿਆ ਲਈ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਵੱਲੋਂ 65 ਸਾਲਾਂ ਵਿੱਚ ਕੀਤੀਆਂ ਕੁਰਬਾਨੀਆਂ ਨੂੰ ਮਿੱਟੀ ਵਿੱਚ ਮਿਲਾ ਦੇਣਗੇ।
ਇਸ ਸਮੁੱਚੇ ਮਾਮਲੇ ਵਿੱਚ ਅਕਾਲੀਆਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਸਿਆਸਤ ਖੇਡਣ ਦਾ ਦੋਸ਼ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਪੁੱਛਿਆ ਕਿ ਇਨ੍ਹਾਂ ਖੇਤੀ ਬਿੱਲਾਂ ਅਤੇ ਪਾਣੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਨਾਲ ਖੜ੍ਹਨ ਵਿੱਚ ਨਾਕਾਮ ਕਿਉਂ ਰਿਹਾ। ਉਨ੍ਹਾਂ ਨੇ ਅਕਾਲੀਆਂ ਨੂੰ ਕਿਹਾ,''ਕੀ ਤੁਸੀਂ ਇਕ ਵਾਰ ਵੀ ਸੋਚਿਆ ਕਿ ਖੇਤੀ ਅਤੇ ਪਾਣੀ ਤੋਂ ਬਿਨਾਂ ਪੰਜਾਬ ਨਾਲ ਕੀ ਵਾਪਰੇਗਾ?'' ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦਾ ਲਟਕ ਰਿਹਾ, ਹਾਲਾਤ ਖ਼ਤਰਨਾਕ ਹਨ ਅਤੇ ਅਕਾਲੀ ਦਲ ਨੇ ਸਿਰਫ ਖੇਤੀ ਆਰਡੀਨੈਂਸਾਂ ਦਾ ਸਮਰਥਨ ਕਰਕੇ ਸੰਕਟ ਵਧਾਉਣ ਵਿੱਚ ਯੋਗਦਾਨ ਪਾਇਆ।
ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਦੇ ਇਨਕਾਰ ਦੇ ਬਾਵਜੂਦ ਇਹ ਨਵੇਂ ਕਾਨੂੰਨ ਆਖਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਅਤੇ ਐਫ.ਸੀ.ਆਈ. ਦਾ ਅੰਤ ਕਰਨ ਲਈ ਰਾਹ ਪੱਧਰਾ ਕਰਨਗੇ ਅਤੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦੀ ਲੀਹ 'ਤੇ ਕੀਤਾ ਜਾ ਰਿਹਾ ਹੈ।
ਹਰਸਿਮਰਤ ਬਾਦਲ ਵੱਲੋਂ ਕੇਂਦਰੀ ਕੈਬਿਨੇਟ ਵਿੱਚੋਂ ਅਸਤੀਫਾ ਦੇਣ ਮੌਕੇ ਕਿਸਾਨਾਂ ਭਰਾਵਾਂ ਨਾਲ ਖੜ੍ਹੇ ਹੋਣ ਦੇ ਬਿਆਨ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਜਦੋਂ ਕੇਂਦਰ ਨੇ ਆਰਡੀਨੈਂਸ ਲਿਆਂਦੇ ਸਨ ਤਾਂ ਉਹ ਕਿਸਾਨਾਂ ਭਰਾਵਾਂ ਨੂੰ ਕਿਉਂ ਭੁੱਲ ਗਈ ਸੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਸ਼ੁਰੂ ਤੋਂ ਹੀ ਸੂਬਾ ਸਰਕਾਰ ਨਾਲ ਖੜ੍ਹਾ ਹੁੰਦਾ ਅਤੇ ਆਪਣੇ ਭਾਈਵਾਲ ਭਾਜਪਾ ਉਤੇ ਦਬਾਅ ਬਣਾਉਂਦਾ ਤਾਂ ਸ਼ਾਇਦ ਮੌਜੂਦਾ ਸਥਿਤੀ ਪੈਦਾ ਨਾ ਹੁੰਦੀ।