ਚੰਡੀਗੜ੍ਹ:ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਤਕਰੀਬਨ ਇਕ ਮਹੀਨਾ ਪਹਿਲਾਂ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਜਦ ਕਿ ਬਾਕੀ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ 'ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਲਈ ਅਤੇ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਇਹ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਉਪਰਾਲਾ ਹੈ ਜੋ ਕੀਤਾ ਗਿਆ ਹੈ, ਜੇ ਪੰਜਾਬ ਸਰਕਾਰ ਦੇ ਕੰਮਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਸੱਤਾਂ ਵਿੱਚ ਆਉਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਲਈ ਕਈ ਕੰਮ ਕੀਤੇ ਗਏ ਹਨ। ਉਨ੍ਹਾਂ ਵਿੱਚੋਂ ਇੱਕ ਹੈ ਸੀ.ਐਲ.ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣਾ। ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਕੇ ਸੂਬੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਜ਼ਮੀਨ ਦੇ ਕਿਸੇ ਵੀ ਹਿੱਸੇ 'ਤੇ ਕੋਈ ਵੀ ਉਸਾਰੀ ਗਤੀਵਿਧੀ ਸ਼ੁਰੂ ਕਰਨ ਲਈ ਸੀ.ਐਲ.ਯੂ. ਦੀ ਪ੍ਰਵਾਨਗੀ ਲੈਣਾ ਲਾਜ਼ਮੀ ਹੈ। ਜਿਸ ਤੋਂ ਬਾਅਦ ਹੀ ਸਬੰਧਤ ਗਤੀਵਿਧੀ ਲਈ ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਸ ਸਾਰੀ ਪ੍ਰਕਿਰਿਆ ਵਿੱਚ ਕਈ ਵਾਰ ਛੇ ਮਹੀਨਿਆਂ ਤੋਂ ਵੱਧ ਸਮਾਂ ਲੱਗ ਜਾਂਦਾ ਹੈ ਜਿਸ ਕਾਰਨ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਹੁੰਦੀ ਹੈ। ਪਰ ਹੁਣ ਸੀ.ਐਲ.ਯੂ., ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਇਕੋ ਸਮੇਂ ਦਿੱਤੀ ਜਾਵੇਗੀ। ਜਿਸ ਨਾਲ ਉਪਰੋਕਤ ਇਜਾਜ਼ਤ ਦੇਣ ਦੀ ਸਮਾਂ-ਸੀਮਾ 45-60 ਦਿਨਾਂ ਤੱਕ ਘਟ ਜਾਵੇਗੀ।ਇਸਦੇ ਨਾਲ ਹੀ ਅਰਬਨ ਅਸਟੇਟ ਇੰਪਰੂਵਮੈਂਟ ਟਰੱਸਟ, ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਅਤੇ ਹੋਰਨਾਂ ਵੱਲੋਂ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪਲਾਟਾਂ ਮਕਾਨਾਂ ਦੀ ਅਲਾਟਮੈਂਟ ਵਿੱਚ ਦੰਗਾ ਅੱਤਵਾਦ ਪੀੜਤਾਂ ਨੂੰ 5 ਫ਼ੀਸਦ ਰਾਖਵਾਂਕਰਨ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਲਿਸੀ ਦੀ ਮਿਆਦ 31 ਦਸੰਬਰ 2021 ਨੂੰ ਖਤਮ ਹੋ ਗਈ ਸੀ ਪਰ ਇਸ ਫੈਸਲੇ ਨਾਲ ਪਾਲਿਸੀ ਦੀ ਮਿਆਦ ਨੂੰ ਹੋਰ ਪੰਜ ਸਾਲ ਭਾਵ 31 ਦਸੰਬਰ, 2026 ਤੱਕ ਵਧਾ ਦਿੱਤਾ ਜਾਵੇਗਾ।
ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ: ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023 ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ "ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023" ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਆਪਣੀਆਂ ਸਟੇਟ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. ਰਾਹੀਂ ਵੱਖ-ਵੱਖ ਮਨੋਨੀਤ ਕੇਂਦਰਾਂ ਮੰਡੀਆਂ ਤੋਂ ਅਨਾਜ ਦੀ ਖਰੀਦ ਕਰਦੀ ਹੈ। ਸਾਲ 2023 ਦੌਰਾਨ ਅਨਾਜ ਦੀ ਢੋਆ-ਢੁਆਈ, ਅਨਾਜ ਦੀ ਲੇਬਰ ਅਤੇ ਕਾਰਟੇਜ ਦੇ ਕੰਮ ਮੁਕਾਬਲੇ ਵਾਲੀ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ।
ਇਹ ਵੀ ਪੜ੍ਹੋ :Punjabi language: ਪੰਜਾਬ ਅੰਦਰ ਹੁਣ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਪੰਜਾਬੀ 'ਚ ਲਗਾਉਣੇ ਪੈਣਗੇ ਬੋਰਡ, ਨਹੀਂ ਮੰਨਿਆ ਸਰਕਾਰੀ ਫਰਮਾਨ ਤਾਂ ਹੋਵੇਗਾ ਵੱਡਾ ਜ਼ੁਰਮਾਨਾ