ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਦੇ ਜ਼ਿਲ੍ਹੇ ਅੰਦਰ ਲਾਇਬ੍ਰੇਰੀ ਦਾ ਨਵੀਨੀਕਰਨ ਕਰਣ ਮਗਰੋਂ ਲੋਕ ਅਰਪਣ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ।
ਕਰੋੜਾਂ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ: ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉੱਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ।
ਨੌਕਰੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ:ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇੱਕ ਵੀ ਨੌਕਰੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ।
ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਵਿਰੁੱਧ ਧ੍ਰੋਹ ਕਮਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਕੇ ਜੁਆਬਦੇਹੀ ਤੈਅ ਕੀਤੀ ਜਾਵੇਗੀ।
ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ:ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜੰਗ ਵਿੱਢਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਬਿਗਲ ਵਜਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੂੰ ਗੋਆ ਵਿਚ ਪੰਜਾਬ ਦੀ ਤਕਰੀਬਨ 9 ਏਕੜ ਜ਼ਮੀਨ ਦਾ ਪਤਾ ਲੱਗਾ ਹੈ ਜੋ ਪਿਛਲੀ ਸਰਕਾਰ ਦੇ ਸਮੇਂ ਮਾਮੂਲੀ ਕੀਮਤ ਉਤੇ ਲੀਜ਼ ਉਤੇ ਦੇ ਦਿੱਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜ਼ਮੀਨ ਛੇਤੀ ਹੀ ਖਾਲੀ ਹੋ ਜਾਵੇਗੀ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਢੁਕਵੀਂ ਵਿਉਂਤਬੰਦੀ:ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ ਨੁਮਾਇੰਦਿਆਂ ਦਾ 100 ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਪੀ.ਐਸ. ਚੁਣੇ ਗਏ ਲਹਿਰਾਗਾਗਾ ਦੇ ਨੌਜਵਾਨ ਰੌਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਦੇ ਹੋਏ ਕਿਹਾ ਕਿ ਸਿਰਫ ਵਿਦਿਆ ਨਾਲ ਹੀ ਸਾਰੀਆਂ ਔਕੜਾਂ ਪਾਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਮੁਲਕ ਦਾ ਅੱਵਲ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਵਾਸਤੇ ਢੁਕਵੀਂ ਵਿਉਂਤਬੰਦੀ ਕੀਤੀ ਹੈ।
ਵੋਟਰਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਹ ਪੰਜਾਬ ਦੇ ਲੋਕਾਂ ਖਾਸ ਕਰਕੇ ਸੰਗਰੂਰ ਦੇ ਲੋਕਾਂ ਦੇ ਰਿਣੀ ਹਨ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਸੰਸਦ ਮੈਂਬਰ ਦੇ ਤੌਰ ਉਤੇ ਇਸ ਹਲਕੇ ਵਿੱਚ ਦਿੱਤੀਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਸੰਗਰੂਰ ਵਾਸੀਆਂ ਦੀ ਭਰਵੀਂ ਸ਼ਲਾਘਾ ਕੀਤੀ। ਪਿਛਲੀ ਸਰਕਾਰ ਦੇ ਖਜ਼ਾਨਾ ਮੰਤਰੀ ਉਤੇ ਹਮਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਦਕਿ ਇਹ ਖਜ਼ਾਨਾ ਮੰਤਰੀ ਜਨਤਕ ਕਾਰਜਾਂ ਲਈ ਹਰੇਕ ਵਾਰ ਖਜ਼ਾਨਾ ਖਾਲੀ ਹੈ ਦਾ ਰੌਲਾ ਪਾਉਂਦੇ ਸਨ।