ਪੰਜਾਬ

punjab

ETV Bharat / state

ਸੀਐੱਮ ਮਾਨ ਨੇ ਕੀਤਾ ਜੱਚਾ-ਬੱਚਾ ਦੇਖਭਾਲ ਕੇਂਦਰ ਦਾ ਉਦਘਾਟਨ, ਕਿਹਾ-ਸਾਲ ਅੰਦਰ ਖੋਲ੍ਹੇ 35 ਸਿਹਤ ਕੇਂਦਰ - 29237 ਸਰਕਾਰੀ ਨੌਕਰੀਆਂ

ਖਰੜ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 50 ਬੈੱਡਾਂ ਵਾਲੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਿਜ਼ ਇੱਕ ਸਾਲ ਦੇ ਅੰਦਰ ਪੂਰੇ ਪੰਜਾਬ ਵਿੱਚ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਸਰਕਾਰ ਲੋਕਾਂ ਦੀ ਭਲਾਈ ਲਈ ਹਮੇਸ਼ਾ ਸਮਰਪਿਤ ਹੈ।

Chief Minister Bhagwant Mann inaugurated the Mother-Child Care Center in Mohali
ਸੀਐੱਮ ਮਾਨ ਨੇ ਕੀਤਾ ਜੱਚਾ-ਬੱਚਾ ਦੇਖਭਾਲ ਕੇਂਦਰ ਦਾ ਉਦਘਾਟਨ, ਕਿਹਾ-ਸਾਲ ਅੰਦਰ ਖੋਲ੍ਹੇ 35 ਕੇਂਦਰ

By

Published : Jun 7, 2023, 6:38 PM IST

ਮੁਹਾਲੀ: ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ ਵਿਖੇ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 8.59 ਕਰੋੜ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 50 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।

88 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ:ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਬਿਜਲੀ ਦੇ ਖੇਤਰ ਨੂੰ ਪ੍ਰਮੁੱਖ ਤੌਰ ਉੱਤੇ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ 31.19 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹਣ ਦਾ ਐਲਾਨ ਕੀਤਾ ਤਾਂ ਕਿ ਲੋਕਾਂ ਨੂੰ ਘਰ ਦੇ ਨੇੜ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ ਦੇਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਸਾਡੇ ਵਿਰੋਧੀ ਦੋਸ਼ ਲਾਉਂਦੇ ਸਨ ਕਿ ਇਹ ਗਾਰੰਟੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਵੇਲੇ 88 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।

ਸਕੂਲਾਂ ਦਾ ਪੱਧਰ: ਸਿੱਖਿਆ ਦੇ ਖੇਤਰ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਬਾਜ਼ੀ ਮਾਰੀ ਹੈ ਅਤੇ ਉਨ੍ਹਾਂ ਨੇ ਖੁਦ ਇਨ੍ਹਾਂ ਬੱਚਿਆਂ ਨੂੰ 51-51 ਹਜ਼ਾਰ ਰੁਪਏ ਦਾ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਉੱਤੇ ਹੁਣ ਵਿਸ਼ਵਾਸ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਭੇਜਿਆ ਗਿਆ ਅਤੇ ਹੁਣ ਫਿਨਲੈਂਡ ਭੇਜਿਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੇ ਸ਼ਖਸੀਅਤ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹੇ।

29237 ਸਰਕਾਰੀ ਨੌਕਰੀਆਂ:ਰੋਜ਼ਗਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ 29237 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਉੱਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਠੋਸ ਕਾਰਜ-ਵਿਧੀ ਅਪਣਾਈ ਗਈ ਜਿਸ ਕਰਕੇ 29000 ਤੋਂ ਵੱਧ ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਸਾਡੀ ਸਰਕਾਰ ਪੀ.ਆਰ.ਟੀ.ਸੀ. ਨੂੰ ਮੁਨਾਫੇ ਵਿੱਚ ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਮਿਲਕਫੈੱਡ ਨੂੰ ਹੋਰ ਪ੍ਰਫੁੱਲਿਤ ਕਰ ਲਈ ਕਦਮ ਚੁੱਕ ਰਹੀ ਹੈ। ਸੂਬੇ ਵਿਚ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ਉੱਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਸੀ।

ਵਿਰੋਧੀਆਂ ਉੱਤੇ ਵਾਰ: ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਸਰਕਾਰੀ ਹਸਪਤਾਲ ਅਤੇ ਸਕੂਲਾਂ ਨੂੰ ਹਾਸ਼ੀਏ ਉਤੇ ਧੱਕ ਦਿੱਤਾ ਸੀ ਤਾਂ ਕਿ ਪ੍ਰਾਈਵੇਟ ਲੋਕਾਂ ਲਈ ਦਰਵਾਜ਼ੇ ਖੋਲ੍ਹੇ ਜਾ ਸਕਣ। ਉਨ੍ਹਾਂ ਕਿਹਾ ਕਿ ਖਸਤਾ ਹਾਲ ਹੋ ਚੁੱਕੀਆਂ ਸਿਹਤ ਸੰਸਥਾਵਾਂ ਕਾਰਨ ਲੋਕਾਂ ਨੂੰ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸੇ ਤਰ੍ਹਾਂ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਕਾਰੋਬਾਰੀ ਹਿੱਤਾਂ ਲਈ ਸਰਕਾਰੀ ਬੱਸਾਂ ਨੂੰ ਵੱਡਾ ਨੁਕਸਾਨ ਬਣਾਇਆ ਸੀ ਅਤੇ ਪ੍ਰਾਈਵੇਟ ਬੱਸਾਂ ਲਈ ਮਨਮਰਜੀ ਦੇ ਟਾਈਮ ਟੇਬਲ ਬਣਾਏ ਜਾਂਦੇ ਸਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਆਪਹੁਦਰੀਆਂ ਦਾ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ-ਕਾਲਜਾਂ ਨੂੰ ਮਜ਼ਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਰਵਾਇਤੀ ਪਾਰਟੀਆਂ ਦੇ ਆਗੂ ਆਪਣੇ ਧੀਆਂ-ਪੁੱਤਾਂ ਦਾ ਕਾਰੋਬਾਰ ਵਧਾਉਣ ਲਈ ਕੰਮ ਕਰਦੇ ਸਨ ਪਰ ਮੈਂ ਪੰਜਾਬ ਦੇ ਵਿਕਾਸ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ।”

ABOUT THE AUTHOR

...view details