ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਡੇਰਾ ਪ੍ਰੇਮੀ ਦੇ ਕਤਲ ਮਾਮਲੇ ਨੂੰ ਜਲਦ ਸੁਲਝਾਉਣ ਦੇ ਹੁਕਮ:-ਅੱਜ ਇੱਥੇ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ murder of Dera PREMI in Kotkapura ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਆਰੋਪੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। ਇਸ ਦੌਰਾਨ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।
ਬਿਨ੍ਹਾਂ ਕਿਸੇ ਪੱਖਪਾਤ ਤੋਂ ਕੇਸ ਦੀ ਤਹਿ ਤੱਕ ਜਾਇਆ ਜਾਵੇਗਾ:-ਇਸ ਦੌਰਾਨ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲਿਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।
ਸਰਕਾਰ ਅਮਨ-ਸ਼ਾਂਤੀ ਕਾਇਮ ਰੱਖੇਗੀ:-ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਘਟਨਾਵਾਂ ਰਾਹੀਂ ਸਾਡੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਆਪਸੀ ਪਿਆਰ ਅਤੇ ਏਕਤਾ ਦੀਆਂ ਮਜ਼ਬੂਤ ਤੰਦਾਂ ਨੂੰ ਢਾਹ ਲਾਉਣ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ਉੱਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਰ ਹਾਲ ਵਿਚ ਅਮਨ-ਸ਼ਾਂਤੀ ਕਾਇਮ ਰੱਖੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।”