ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ 'ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ 'ਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ ਅਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਨਸ਼ਿਆਂ ਦੇ ਕਾਰੋਬਾਰ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ:-ਅੱਜ ਮੰਗਲਵਾਰ ਨੂੂੰ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ ਦੇ ਕਾਰੋਬਾਰ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਰਸੂਖਦਾਰ ਆਗੂਆਂ ਨੇ ਅਫਸਰਸ਼ਾਹੀ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਪੁਸ਼ਤਪਨਾਹੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਆਰੋਪੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।
ਹਾਈਕੋਰਟ ਤੋਂ ਰਿਪੋਰਟਾਂ ਦੇ 3 ਪੈਕਟਾਂ ਵਿੱਚ ਰਿਪੋਰਟ ਹਾਸਲ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਦੀ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਲਟਕ ਰਹੀ ਸੀ, ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੱਚੇ ਦਿਲੋਂ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈਕੋਰਟ ਤੋਂ ਰਿਪੋਰਟਾਂ ਦੇ ਤਿੰਨ ਪੈਕਟਾਂ ਵਿੱਚ ਰਿਪੋਰਟ ਹਾਸਲ ਹੋਈ ਹੈ ਅਤੇ ਪੰਜਾਬ ਤੇ ਇੱਥੋਂ ਦੇ ਨੌਜਵਾਨਾਂ ਦੀਆਂ ਦੁਸ਼ਮਣ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦੀ ਅਲਾਮਤ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।
ਮੁੱਖ ਮੰਤਰੀ ਨੇ 15 ਫਰਵਰੀ ਨੂੰ ਹਾਈ ਕੋਰਟ 'ਚ ਸਹਿਮਤੀ ਦਿੱਤੀ:-ਦੱਸਣਯੋਗ ਹੈ ਕਿ ਇਹ ਰਿਪੋਰਟਾਂ 5 ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਸੀ। ਪਰ ਅਹੁੱਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੀ 15 ਫਰਵਰੀ ਨੂੰ ਹਾਈ ਕੋਰਟ 'ਚ ਸਹਿਮਤੀ ਦੇ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜਨਤਕ ਕਰਨ ਵਿਚ ਲਈ ਸਹਿਮਤੀ ਦਿੱਤੀ ਸੀ, ਜੋ ਪੁਲਿਸ ਅਧਿਕਾਰੀਆਂ ਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਦਰਸਾਉਂਦੀਆਂ ਹਨ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਮਜ਼ਬੂਤ ਗਠਜੋੜ ਖ਼ਿਲਾਫ਼ ਸਖ਼ਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ:-Drug Related Report: ਮੁੱਖ ਮੰਤਰੀ ਮਾਨ ਕੋਲ ਪਹੁੰਚੇ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ, ਹੋਵੇਗੀ ਵੱਡੀ ਕਾਰਵਾਈ