ਚੰਡੀਗੜ੍ਹ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਖ਼ੁਦ ਨੂੰ ਸਿਆਣੇ ਕਹਿਣ ਵਾਲੇ ਪਟਿਆਲੇ ਦੇ ਇਸ ਵਾਰਸ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ। ਚੰਡੀਗੜ੍ਹ ਤੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਕੈਪਟਨ ਨੂੰ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਬਜਾਏ ਆਪਣੀ ਕੁਰਸੀ ਦੀ ਚਿੰਤਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਕੇ ਕੈਪਟਨ ਨੇ ਸੱਤਾ ਵਿੱਚ ਰਹਿੰਦੇ ਹੋਏ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਪਟਨ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਕੈਪਟਨ ਨੂੰ ਕਰਾਰਾ ਜਵਾਬ, ਕਿਹਾ-ਤੁਹਾਡੀ 'ਸਿਆਣਪ' ਨੇ ਪੰਜਾਬ ਨੂੰ ਕੀਤਾ ਬਰਬਾਦ - Former Chief Minister Captain Amarinder Singh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਭਗਵਾ ਪਾਰਟੀ ਨਾਲ ਹੱਥ ਮਿਲਾਉਣ ਦਾ ਫੈਸਲਾ :ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਇਸ ਗੱਲ ਨੂੰ ਕਦੇ ਨਹੀਂ ਭੁੱਲ ਸਕਦਾ ਕਿ ਕੈਪਟਨ ਦੇ ਪੁਰਖਿਆਂ ਨੇ ਆਪਣੇ ਸਵਾਰਥਾਂ ਲਈ ਮੁਗਲਾਂ ਅਤੇ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ ਅਤੇ ਉਨ੍ਹਾਂ ਨੇ ਬਰਤਾਨਵੀ ਸ਼ਾਸਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਲੜ ਰਹੇ ਦੇਸ਼ ਭਗਤਾਂ 'ਤੇ ਅਣਗਿਣਤ ਅੱਤਿਆਚਾਰ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੁਰਖਿਆਂ ਦੀ ਲੀਹ 'ਤੇ ਚੱਲਦਿਆਂ ਆਪਣੇ ਸਿਆਸੀ ਹਿੱਤਾਂ ਨੂੰ ਪੂਰਨ ਲਈ ਲੋੜ ਪੈਣ ਉਤੇ ਕਾਂਗਰਸ ਅਤੇ ਅਕਾਲੀਆਂ ਨਾਲ ਸਾਂਝ ਪਾਈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੋਣ ਦੇ ਬਾਵਜੂਦ ਕੈਪਟਨ ਨੇ ਹੁਣ ਇੱਕ ਵਾਰ ਫਿਰ ਪੰਜਾਬ ਅਤੇ ਕਿਸਾਨ ਵਿਰੋਧੀ ਭਗਵਾ ਪਾਰਟੀ ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ।
ਕਿਸਾਨਾਂ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਦੀ ਸਜ਼ਾ :ਮੁੱਖ ਮੰਤਰੀ ਨੇ ਕਿਹਾ ਕਿ ‘ਸੱਤਾ ਦੇ ਭੁੱਖੇ’ ਕੈਪਟਨ ਨੇ ਸਿਰਫ਼ ਸੱਤਾ ਦੀ ਖਾਤਰ ਹੀ ਪੱਖ ਬਦਲਿਆ ਹੈ, ਜੋ ਕਿ ਉਸ ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੌਰਾਨ ਅੰਗਰੇਜ਼ਾਂ ਦਾ ਸਾਥ ਦੇ ਕੇ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਹੀ ਕਿਸਾਨਾਂ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਦੀ ਸਜ਼ਾ ਭੁਗਤ ਚੁੱਕੇ ਹਨ ਕਿਉਂਕਿ ਲੋਕਾਂ ਨੇ ਉਸ ਨੂੰ ਰਾਜ ਦੇ ਸਿਆਸੀ ਅਖਾੜੇ ਤੋਂ ਬੇਦਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ 2022 ਦੀਆਂ ਚੋਣਾਂ ਵਿਚ ਉਨ੍ਹਾਂ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਚੁੱਕੀਆਂ ਹਨ ਪਰ ਹੁਣ ਸਿਆਸੀ ਪਿੜ ਵਿੱਚ ਆਉਣ ਲਈ ਕੈਪਟਨ ਸੂਬੇ ਵਿਚ ਬੇਬੁਨਿਆਦ ਅਤੇ ਗੁੰਮਰਾਹਕੁਨ ਬਿਆਨਬਾਜ਼ੀ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।