ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ।
ਇਸ ਮਾਮਲੇ ਉਤੇ ਪ੍ਰਤਾਪ ਬਾਜਵਾ ਵੱਲੋਂ ਚੁੱਪੀ ਧਾਰਨਾ ਹੈਰਾਨੀਜਨਕ :ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ।
ਚੰਡੀਗੜ੍ਹ ਪੰਜਾਬ ਦੀ ਅਨਿੱਖੜਵਾਂ ਅੰਗ ਹੈ, ਸੀ ਤੇ ਰਹੇਗਾ :ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਆਗੂ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
ਪ੍ਰਤਾਪ ਬਾਜਵਾ ਨੇ ਘੇਰੀ ਸੀ ਆਪ : ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਮ ਆਦਮੀ ਪਾਰਟੀ ਉਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਪਾਰਟੀ ਦਾ ਦੂਜੇ ਸੂਬਿਆਂ ਵਿੱਚ ਵਿਸਥਾਰ ਕਰਨ ਲਈ ਪੰਜਾਬ ਦੇ ਲੋਕਾਂ ਦਾ ਪੈਸਾ ਬਰਬਾਦ ਕਰਨ ਦਾ ਇਲਜ਼ਾਮ ਲਗਾਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵਿਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੋਰਨਾਂ ਸੂਬਿਆਂ 'ਚ ਪਾਰਟੀ ਰੈਲੀਆਂ ਅਤੇ ਮੀਟਿੰਗਾਂ ਲਈ ਜਾਂਦੇ ਹਨ ਤਾਂ ਹੈਲੀਕਾਪਟਰ ਦਾ ਖਰਚਾ ਵੀ ਪੰਜਾਬ ਸਿਰ ਪੈਂਦਾ ਹੈ। ਪੰਜਾਬ ਦੇ ਵਸੀਲਿਆਂ ਦੀ ਦੁਰਵਰਤੋਂ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ ਤੇ ਭਗਵੰਤ ਮਾਨ ਇਹ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ "ਲਗਦਾ ਹੈ ਪੰਜਾਬ 'ਆਪ' ਦਾ ਏਟੀਐਮ ਹੈ, ਜਦੋਂ ਵੀ 'ਆਪ' ਦੀ ਸੀਨੀਅਰ ਲੀਡਰਸ਼ਿਪ ਨੂੰ ਲੋੜ ਮਹਿਸੂਸ ਹੁੰਦੀ ਹੈ, ਉਹ ਪੰਜਾਬ ਦੇ ਖ਼ਜ਼ਾਨੇ ਦੀਆਂ ਸੇਵਾਵਾਂ ਦਾ ਲਾਭ ਉਠਾਉਂਦੇ ਹਨ"।