ਚੰਡੀਗੜ੍ਹ: ਸੂਬੇ ਵਿੱਚ ਉਦਯੋਗ ਨੂੰ ਪੈਰਾਂ ’ਤੇ ਖੜਾ ਕਰਨ ਦੀ ਅਤਿ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਵੱਖ-ਵੱਖ ਸਨਅਤੀ ਜਥੇਬੰਦੀਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ’ਤੇ ਗੌਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਲੁਧਿਆਣਾ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਗੈਰ-ਸੀਮਿਤ ਇਲਾਕਿਆਂ (ਮਿਕਸ ਲੈਂਡ ਯੂਜ਼ ਵਾਲੇ ਖੇਤਰਾਂ) ਵਿੱਚ ਛੋਟੇ/ਘਰੇਲੂ ਉਦਯੋਗ ਨੂੰ ਤੁਰੰਤ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਨਾਲ ਵੱਡੇ ਉਦਯੋਗਾਂ ਨੂੰ ਖੋਲ੍ਹਣ ਵਿੱਚ ਸਹਾਇਤਾ ਮਿਲੇਗੀ ਜੋ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਜ਼ੋ-ਸਾਮਾਨ ਲਈ ਛੋਟੀਆਂ ਇਕਾਈਆਂ ’ਤੇ ਨਿਰਭਰ ਹੁੰਦੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਛੋਟੇ ਯੂਨਿਟਾਂ ਜਿੱਥੇ ਆਮ ਤੌਰ ’ਤੇ ਕਾਮੇ ਉੱਥੇ ਜਾਂ ਆਲੇ-ਦੁਆਲੇ ਹੀ ਰਹਿੰਦੇ ਹਨ, ਨੂੰ ਕੋਵਿਡ-19 ਦੇ ਨਿਰਧਾਰਤ ਕਾਰਜ ਸੰਚਾਲਨ (ਐਸ.ਓ.ਪੀ.) ਦੀ ਸਖਤੀ ਨਾਲ ਪਾਲਣਾ ਅਤੇ ਸੀਮਿਤ ਪਹੁੰਚ ਦੀਆਂ ਲੋੜਾਂ ਦੇ ਆਧਾਰ ’ਤੇ ਕੰਮ ਸ਼ੁਰੂ ਕਰਨਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਜਥੇਬੰਦੀਆਂ ਵੱਲੋਂ ਲੁਧਿਆਣਾ ਜ਼ਿਲੇ ਦੇ ਗੈਰ-ਸੀਮਿਤ ਜ਼ੋਨ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਕੋਵਿਡ-19 ਦੇ ਐਸ.ਓ.ਪੀਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੀਮਿਤ ਪਹੁੰਚ ਨਾਲ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਦੇਣ ਦੀਆਂ ਵਾਰ-ਵਾਰ ਅਪੀਲ ਕੀਤੀਆਂ ਗਈਆਂ ਸਨ।