ਚੰਡੀਗੜ੍ਹ: ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਅਤੇ ਗੁਰਤੇਜ ਸਿੰਘ ਦੀਆਂ ਮ੍ਰਿਤਕ ਦੇਹਾਂ ਚੰਡੀਗੜ੍ਹ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਲਾਮੀ ਦਿੱਤੀ ਗਈ।
ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਰਾਤ ਨੂੰ ਭਾਰਤੀ ਫ਼ੌਜ ਦੇ ਜਵਾਨਾਂ ਦੀ ਚੀਨੀ ਫੌਜ ਦੇ ਜਵਾਨਾਂ ਨਾਲ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ, ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿੱਚ 4 ਜਵਾਨ ਪੰਜਾਬ ਦੇ ਵੀ ਸ਼ਾਮਲ ਹਨ।
ਇਨ੍ਹਾਂ ਵਿੱਚੋਂ ਇੱਕ ਗੁਰਬਿੰਦਰ ਸਿੰਘ ਨਾਂਅ ਦਾ ਨੌਜਵਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਦਾ ਰਹਿਣ ਵਾਲੀ ਸੀ। ਗੁਰਬਿੰਦਰ ਸਿੰਘ ਪਿੰਡ ਦੇ ਕਿਸਾਨ ਲਾਭ ਸਿੰਘ ਦਾ 22 ਵਰ੍ਹਿਆਂ ਦਾ ਇਹ ਨੌਜਵਾਨ ਪੁੱਤਰ 2 ਸਾਲ ਪਹਿਲਾਂ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਭਰਾ ਤੇ ਭੈਣ ਨਾਲੋਂ ਛੋਟਾ ਸੀ। ਇਸ ਨੌਜਵਾਨ ਦੀ ਮੰਗਣੀ ਹੋ ਚੁੱਕੀ ਸੀ ਤੇ ਇਸ ਸਾਲ ਵਿਆਹ ਹੋਣਾ ਸੀ।