ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਬੇਤੁਕੇ ਬਿਆਨ ਤੋਂ ਵੱਧ ਕੁਝ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀ.ਬੀ.ਆਈ. ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ ਗਈ ਹੈ, ਜਿਸ ਨਾਲ ਇਸ ਏਜੰਸੀ ਦੇ ਵਿਸ਼ੇਸ਼ ਰੁਤਬੇ ਨੂੰ ਹੋਰ ਕਮਜ਼ੋਰ ਕੀਤਾ ਜਾਂਦਾ ਹੈ। ਜਿਸ ਦੀ ਸ਼ਾਖ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਿੱਚ ਡਿੱਗ ਚੁੱਕੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵਜੋਂ ਆਪਣੇ ਅਹੁਦੇ ਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸਤੇਮਾਲ ਕਰਨ ਦੀ ਬਜਾਏ ਹਰਸਿਮਰਤ ਆਪਣਾ ਸਾਰਾ ਸਮਾਂ ਸੂਬੇ ਦੀ ਲੋਕਾਂ ਦੀ ਭਲਾਈ ਦੀ ਕੀਮਤ 'ਤੇ ਆਪਣੇ ਐਨ.ਡੀ.ਏ. ਭਾਈਵਾਲ ਦੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲਾਉਂਦੀ ਰਹਿੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰ ਕੇ ਉਸ ਨੇ ਨਾ ਸਿਰਫ ਆਪਣੇ ਹੀ ਸੂਬੇ ਦੀ ਅਤਿ ਸਮਰੱਥ ਤੇ ਪੇਸ਼ੇਵਾਰ ਪੁਲਿਸ ਫੋਰਸ ਅਤੇ ਪ੍ਰਸ਼ਾਸਨ ਉਤੇ ਬੇਭਰੋਸਾ ਦਿਖਾਇਆ ਹੈ ਸਗੋਂ ਇਹ ਭਾਰਤ ਦੇ ਕਾਨੂੰਨੀ ਤੇ ਨਿਆਂਇਕ ਸਿਧਾਂਤਾਂ ਦੇ ਵੀ ਵਿਰੁੱਧ ਹੈ ਜੋ ਸਿਰਫ ਸੂਬਾ ਸਰਕਾਰ ਨੂੰ ਹੀ ਲੋੜ ਪੈਣ 'ਤੇ ਸੀ.ਬੀ.ਆਈ. ਦੀ ਜਾਂਚ ਕਰਵਾਉਣ ਲਈ ਅਧਿਕਾਰਤ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਨੂੰ ਇਸ ਮਾਮਲੇ ਵਿੱਚ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਅਤੇ ਉਹ ਸਿਰਫ ਰਾਜਸੀ ਸਟੰਟ ਅਤੇ ਪ੍ਰੇਰਿਤ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਵਿੱਚ ਅਹਿਮ ਮਾਮਲਿਆਂ ਨੂੰ ਨਜਿੱਠਣ ਵਿੱਚ ਸੀ.ਬੀ.ਆਈ. ਦੇ ਮਾੜੇ ਟਰੈਕ ਰਿਕਾਰਡ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਏਜੰਸੀ ਆਰ.ਐਸ.ਐਸ. ਆਗੂ ਬ੍ਰਿਗੇਡੀਅਰ (ਸੇਵਾ ਮੁਕਤ) ਜਗਦੀਸ਼ ਕੁਮਾਰ ਗਗਨੇਜਾ ਦੇ ਕਤਲ ਸਣੇ ਚਾਰ ਮਿੱਥ ਕੇ ਕੀਤੇ ਕਤਲਾਂ ਦੇ ਮਾਮਲੇ ਵਿੱਚੋਂ ਇੱਕ ਨੂੰ ਵੀ ਹੱਲ ਕਰਨ ਵਿੱਚ ਅਸਫਲ ਰਹੀ ਸੀ। ਜਿਹੜੇ ਉਨ੍ਹਾਂ ਨੂੰ ਅਕਾਲੀ ਸਰਕਾਰ ਦੌਰਾਨ ਸੌਂਪੇ ਗਏ ਸਨ।