ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 3 ਜੁਲਾਈ ਨੂੰ ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੇ ਲਏ ਆਪਣੇ ਫੈਸਲੇ ਦੀ ਪਾਲਣਾ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।
ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਨੂੰ ਸਤੰਬਰ ਤੱਕ ਅੰਤਿਮ ਪ੍ਰੀਖਿਆਵਾਂ ਲਾਜ਼ਮੀ ਕਰਵਾਉਣ ਦੇ ਕੀਤੇ ਫੈਸਲੇ ’ਤੇ ਮੁੜ ਗੌਰ ਕਰਨ ਦੀ ਸਲਾਹ ਦੇਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ,‘‘ਯੂ.ਜੀ.ਸੀ. ਨੂੰ 29 ਅਪ੍ਰੈਲ, 2020 ਨੂੰ ਜਾਰੀ ਕੀਤੇ ਪਹਿਲੇ ਦਿਸ਼ਾ-ਨਿਰਦੇਸ਼ ਦੁਹਰਾਉਣ ਲਈ ਕਿਹਾ ਜਾ ਸਕਦਾ ਹੈ, ਜਿਸ ਵਿੱਚ ਸਪੱਸ਼ਟ ਤੌਰ ’ਤੇ ਦਰਸਾਇਆ ਗਿਆ ਹੈ ਕਿ ਦਿਸ਼ਾ-ਨਿਰਦੇਸ਼ ਸੁਭਾਅ/ਮੌਕੇ ਦੇ ਮੁਤਾਬਕ ਹਨ ਅਤੇ ਹਰੇਕ ਸੂਬਾ/ਯੂਨੀਵਰਸਿਟੀ ਕੋਵਿਡ-19 ਦੀ ਮਹਾਂਮਾਰੀ ਨਾਲ ਸਬੰਧਤ ਮਾਮਲਿਆਂ ਨੂੰ ਧਿਆਨ ਰੱਖਦਿਆਂ ਕਾਰਵਾਈ ਦੀ ਯੋਜਨਾ ਆਪਣੇ ਪੱਧਰ ’ਤੇ ਉਲੀਕੇਗੀ।’’
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵਿਦਿਆਰਥੀਆਂ ਤੇ ਸਟਾਫ ਦੀ ਸੁਰੱਖਿਆ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ 3 ਜੁਲਾਈ, 2020 ਨੂੰ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀਆਂ ਅੰਤਿਮ ਮਿਆਦ ਵਾਲੀਆਂ ਬਾਕੀ ਰਹਿੰਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ ਵਿਦਿਆਰਥੀਆਂ ਨੂੰ ਪਿਛਲੇ ਸਾਲਾਂ/ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦੀ ਫੈਸਲਾ ਕੀਤਾ ਸੀ।