ਪੰਜਾਬ

punjab

ETV Bharat / state

ਅਨਾਜ 'ਚ ਗਬਨ ਬਾਰੇ ਸੁਖਬੀਰ ਬਾਦਲ ਦੇ ਦੋਸ਼ਾਂ ਨੂੰ ਕੈਪਟਨ ਨੇ ਕੀਤਾ ਖਾਰਜ - ਰਾਸ਼ਨ ਵਿੱਚ ਗਬਨ

ਪੰਜਾਬ ਵਿੱਚ ਕਾਂਗਰਸੀਆਂ ਉਪਰ ਰਾਸ਼ਨ ਵਿੱਚ ਗਬਨ ਦੇ ਲਾਏ ਦੋਸ਼ਾਂ 'ਤੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਵਿਧਾਇਕਾਂ ਵੱਲੋਂ ਉਨ੍ਹਾਂ ਦੀ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਅਨਾਜ 'ਚ ਗ਼ਬਨ ਬਾਰੇ ਸੁਖਬੀਰ ਦੇ ਦੋਸ਼ਾਂ ਨੂੰ ਕੈਪਟਨ ਨੇ ਕੀਤਾ ਖਾਰਜ

By

Published : Jul 3, 2020, 8:43 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੋਵਿਡ ਦੇ ਸੰਕਟ ਦਰਮਿਆਨ ਆਪਣੇ ਸੌੜੇ ਸਿਆਸੀ ਮੁਫ਼ਾਦ ਅੱਗੇ ਵਧਾਉਣ ਲਈ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ 'ਤੇ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ।

ਬਾਦਲ ਜੋੜੇ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਲੋਂ ਧੋਖੇਬਾਜ਼ੀ ਅਤੇ ਝੂਠ ਦੀ ਸਾਂਝੀ ਮੁਹਿੰਮ ਚਲਾਉਣ ਦੇ ਢੰਗ ਨੇ ਦੋਵਾਂ ਦੇ ਦੋਹਰੇ ਮਿਆਰ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਲੀਡਰਾਂ ਦੇ ਮੱਗਰਮੱਛ ਦੇ ਹੰਝੂ ਕੇਰਨ ਦੇ ਢਕਵੰਜ ਅਤੇ ਸਿਆਸੀ ਖੇਖਣਬਾਜ਼ੀਆਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਕਿ ਕਿਵੇਂ ਅਕਾਲੀਆਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਦੀ ਬਜਾਏ ਇਕ ਦਹਾਕਾ ਬੇਰਹਿਮੀ ਨਾਲ ਪੰਜਾਬ ਨੂੰ ਲੁੱਟਿਆ।

ਪੰਜਾਬ ਵਿੱਚ ਕਾਂਗਰਸੀਆਂ ਉਪਰ ਰਾਸ਼ਨ ਵਿੱਚ ਗਬਨ ਦੇ ਲਾਏ ਦੋਸ਼ਾਂ 'ਤੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਵਿਧਾਇਕਾਂ ਵੱਲੋਂ ਉਨ੍ਹਾਂ ਦੀ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ। ਕੈਪਟਨ ਨੇ ਕਿਹਾ ਕਿ ਵਿਧਾਇਕ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜਿਆ ਹੁੰਦਾ ਹੈ ਅਤੇ ਉਹ ਭਲੀ ਭਾਂਤ ਜਾਣਦਾ ਹੈ ਕਿ ਫੌਰੀ ਤੌਰ 'ਤੇ ਮਦਦ ਸਭ ਤੋਂ ਪਹਿਲਾਂ ਲੋੜ ਕਿਸ ਨੂੰ ਦੇਣੀ ਹੈ ਅਤੇ ਇਹੀ ਯਕੀਨੀ ਬਣਾਉਣ ਲਈ ਉਹ ਕੰਮ ਕਰ ਰਹੇ ਹਨ।

ਸੂਬਾ ਸਰਕਾਰ ਵੱਲੋਂ ਪ੍ਰਾਪਤ ਕੀਤੇ ਅਨਾਜ ਨੂੰ ਲੋਕਾਂ ਵਿੱਚ ਨਾ ਵੰਡਣ ਬਾਰੇ ਲਾਏ ਦੋਸ਼ਾਂ ਲਈ ਸੁਖਬੀਰ ਬਾਦਲ ਦਾ ਮੌਜੂ ਉਡਾਉਂਦਿਆਂ ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਤਾਂ ਪੇਸ਼ ਕੀਤੇ ਤੱਥ ਵੀ ਪੂਰੀ ਤਰ੍ਹਾਂ ਗਲਤ ਹਨ ਜੋ ਇਹ ਦਰਸਾਉਂਦੇ ਹਨ ਉਹ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ।

ਤੱਥ ਇਹ ਹਨ ਕਿ ਪੰਜਾਬ ਸਰਕਾਰ ਵੱਲੋਂ ਜੂਨ ਤੱਕ ਪ੍ਰਾਪਤ ਕੀਤੇ ਅਨਾਜ ਪਦਾਰਥਾਂ ਦੀ ਮਿਕਦਾਰ ਸੁਖਬੀਰ ਵੱਲੋਂ ਦਿੱਤੇ ਅੰਕੜਿਆਂ ਨਾਲੋਂ ਵੱਧ ਸੀ ਅਤੇ ਇਨ੍ਹਾਂ ਵਿੱਚੋਂ 90 ਫੀਸਦੀ ਤੋਂ ਵਧੇਰੇ ਹਿੱਸਾ ਵੰਡਿਆ ਜਾ ਚੁੱਕਿਆ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਸੂਬੇ ਨੂੰ 212164 ਮੀਟਰਿਕ ਟਨ ਕਣਕ ਅਲਾਟ ਕੀਤੀ ਗਈ, ਜਿਸ ਵਿੱਚੋਂ 199091 ਮੀਟਿਰਿਕ ਟਨ ਕਣਕ ਵੰਡੀ ਜਾ ਚੁੱਕੀ ਹੈ ਜਦੋਂਕਿ 10800 ਮੀਟਰਿਕ ਟਨ ਅਲਾਟ ਦਾਲ ਵਿੱਚੋਂ 10305 ਮੀਟਰਿਕ ਟਨ ਦੀ ਵੰਡ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੀ ਆਤਮ-ਨਿਰਭਰ ਭਾਰਤ ਸਕੀਮ ਤਹਿਤ ਕਣਕ (ਪ੍ਰਤੀ ਵਿਅਕਤੀ) ਅਤੇ ਦਾਲ (ਪ੍ਰਤੀ ਪਰਿਵਾਰ)14.14ਲੱਖ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਗਈ ਅਤੇ ਸੂਬੇ ਵੱਲੋਂ ਕਣਕ ਦਾ ਆਟਾ ਤਿਆਰ ਕਰਕੇ, ਇਸ ਨਾਲ ਦਾਲ ਸ਼ਾਮਲ ਕਰਕੇ ਇਸ ਨੂੰ ਪ੍ਰਤੀ ਵਿਅਕਤੀ ਇੱਕ ਕਿਲੋ ਬਣਾਇਆ ਗਿਆ ਅਤੇ ਸੂਬੇ ਵੱਲੋਂ ਆਪਣੀ ਪੱਧਰ 'ਤੇ ਇਕ ਕਿਲੋ ਖੰਡ ਇਸ ਵਿੱਚ ਪਾਈ ਗਈ। ਅਸਲ ਵਿੱਚ, ਸੂਬਾ ਸਰਕਾਰ ਨੇ ਆਪਣੇ ਫੰਡਾਂ ਵਿੱਚੋਂ ਪ੍ਰਵਾਸੀ ਕਿਰਤੀਆਂ ਨੂੰ 17 ਲੱਖ ਖੁਰਾਕੀ ਪੈਕਟ ਵੰਡਣ ਲਈ 69 ਕਰੋੜ ਰੁਪਏ ਖਰਚੇ ਜਿਨ੍ਹਾਂ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਦੇ ਪੈਕੇਟ ਸ਼ਾਮਲ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅੰਕੜੇ ਇਹ ਦਰਸਾਉਣ ਲਈ ਕਾਫੀ ਹਨ ਕਿ ਖੁਰਾਕੀ ਅਨਾਜ ਦੀ ਵੰਡ ਸਬਧੀ ਸੁਖਬੀਰ ਵੱਲੋਂ ਕੀਤੇ ਦਾਅਵੇ ਅਤੇ ਲਗਾਏ ਦੋਸ਼ ਪੂਰੀ ਤਰ੍ਹਾਂ ਨਿਰਆਧਾਰ ਅਤੇ ਸਬੂਤ ਹੀਣੇ ਹਨ।

ABOUT THE AUTHOR

...view details