ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਉੱਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ਉੱਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ਼ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ।
ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਖੇਤਰ ਵਿੱਚ ਵੇਚੇ ਜਾ ਰਹੇ ਬੀਜਾਂ ਉੱਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ। ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ।