ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਵਾਰ ਫਿਰ ਪੰਜਾਬ ਦੌਰੇ ਉੱਤੇ ਆ ਰਹੇ ਹਨ। ਇਸ ਦੌਰਾਨ ਉਹ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਤੋਂ ਬਾਅਦ ਦੋਵੇਂ ਮੁੱਖ ਮੰਤਰੀ ਪਟਿਆਲਾ ਵਿੱਚ ਰੱਖੀ ਗਈ ਇੱਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਸਾਹਮਣੇ ਪੇਸ਼ ਕਰਨਗੇ। (CM Arvind Kejriwal Punjab Visit)
ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਵਿਸ਼ੇਸ਼ ਵਾਰਡ ਦਾ ਉਦਘਾਟਨ: ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਵਾਰਡ ਵਿੱਚ ਨਵੀਨਤਮ ਤਕਨੀਕ ਨਾਲ ਟੈਸਟ ਕਰਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਣ ਲਗਾਏ ਗਏ ਹਨ। ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।
ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ, ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ, ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ, ਹਸਪਤਾਲ ਦੀਆਂ ਕੁਝ ਤਸਵੀਰਾਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰ ਰਿਹਾ ਹਾਂ।’ - ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ