ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ।New announcement of Punjab government
'ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ':ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿੱਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ।
'ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉੱਭਰਿਆ':ਭਾਰਤ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਅਤੇ ਸਫ਼ਲ ਲੋਕਤੰਤਰ ਬਣਾਉਣ ਵਿੱਚ ਹਥਿਆਰਬੰਦ ਸੈਨਾਵਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਸਫ਼ਲਤਾਪੂਰਵਕ ਪ੍ਰਫੁੱਲਤ ਹੋਇਆ ਹੈ ਕਿਉਂਕਿ ਹਥਿਆਰਬੰਦ ਬਲਾਂ ਨੇ ਇਸ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾਵਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਵੀ ਬਰਕਰਾਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਹੀ ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉੱਭਰਿਆ ਹੈ।
ਪਾਕਿਸਤਾਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ ਕਿਉਂਕਿ ਫੌਜ ਨੇ ਇਸ ਗੁਆਂਢੀ ਮੁਲਕ ਵਿੱਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿੱਚ ਹਥਿਆਰਬੰਦ ਬਲਾਂ ਦੀ ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇੱਕ ਸਫ਼ਲ ਵਰਤਾਰਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਅੱਜ ਉਨ੍ਹਾਂ ਵਰਗਾ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ। ਮੁੱਖ ਮੰਤਰੀ ਨੇ ਭਾਰਤੀ ਫੌਜ ਦੇ ਸਮਰਪਣ, ਵਚਨਬੱਧਤਾ ਅਤੇ ਦੇਸ਼ ਭਗਤੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀ ਬਹਾਦਰੀ ਦੀ ਦੁਨੀਆ ਭਰ ਵਿੱਚ ਕੋਈ ਵੀ ਮਿਸਾਲ ਨਹੀਂ ਮਿਲਦੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਨੇ ਆਪਣੇ ਹੌਸਲੇ ਤੇ ਬਹਾਦਰੀ ਨਾਲ ਕਈ ਪ੍ਰੇਰਨਾਦਾਇਕ ਇਬਾਰਤਾਂ ਲਿਖੀਆਂ ਹਨ।